ਚੰਡੀਗੜ੍ਹ: ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਲਾਗੂ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਭਾਰਤ ਆਏ ਸਿੱਖ ਤੇ ਹੋਰ ਹਜ਼ਾਰਾਂ ਘੱਟ ਗਿਣਤੀ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ।
ਇਥੇ ਜਾਰੀ ਕੀਤੇ ਇਕ ਬਿਆਨ ‘ਚ ਸਿਰਸਾ ਨੇ ਕਿਹਾ ਕਿ ਸੀ ਏ ਏ ਲਾਗੂ ਕਰਨਾ ਇਹਨਾਂ ਘੱਟ ਗਿਣਤੀ ਪਰਿਵਾਰਾਂ ਜੋ ਆਪਣੇ ਪਰਿਵਾਰਕ ਜੀਆਂ ਦੀ ਜਾਨ ਮਾਲ ਦੀ ਰਾਖੀ ਵਾਸਤੇ ਆਪਣੇ ਮੁਲਕਾਂ ਤੋਂ ਭਾਰਤ ਆਏ, ਦੀ ਚਿਰੋਕਣੀ ਮੰਗ ਸੀ।
ਉਹਨਾਂ ਕਿਹਾ ਕਿ ਉਹਨਾਂ ਨੇ ਵੀ ਪਾਕਿਸਤਾਨ, ਅਫਗਾਨਿਸਤਾਨ ਤੇ ਹੋਰ ਮੁਲਕਾਂ ਤੋਂ ਸੈਂਕੜੇ ਪਰਿਵਾਰਾਂ ਨੂੰ ਭਾਰਤ ਲਿਆਂਦਾ ਸੀ ਤਾਂ ਜੋ ਉਹਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ ਤੇ ਉਹਨਾਂ ਨੂੰ ਨਿਰਪੱਖ, ਆਜ਼ਾਦ ਤੇ ਸਨਮਾਨ ਭਰੀ ਜ਼ਿੰਦਗੀ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਸਕੂਲਾਂ ਵਿਚ ਦਾਖਲਿਆਂ, ਡ੍ਰਾਇਵਿੰਗ ਲਾਇਸੰਸ ਬਣਵਾਉਣ, ਪਾਸਪੋਰਟ ਆਦਿ ਬਣਵਾਉਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਭਾਜਪਾ ਦੇ ਸਕੱਤਰ ਨੇ ਕਿਹਾ ਕਿ ਹੁਣ ਸੀ ਏ ਏ ਲਾਗੂ ਹੋਣ ਨਾਲ ਇਹਨਾਂ ਇਹਨਾਂ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਉਹ ਇਹਨਾਂ ਪਰਿਵਾਰਾਂ ਦੇ ਨਾਲ ਰਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਹਨਾਂ ਨੇ ਪਹਿਲਾਂ ਇਹ ਸੀ ਏ ਏ ਕਾਨੂੰਨ ਪਾਸ ਕੀਤਾ ਤੇ ਹੁਣ ਇਸਨੂੰ ਲਾਗੂ ਕਰ ਕੇ ਘੱਟ ਗਿਣਤੀਆਂ ਨੂੰ ਲਾਭ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।