ਚੰਡੀਗੜ੍ਹ/ਅਸਮ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ ਉੱਤੇ ਪੰਜਾਬ ਸਰਕਾਰ ਨੇ ਨਵੇਂ ਸਿਰੇ ਤੋਂ NSA ਲਗਾਇਆ ਹੈ । ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ। ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ।
ਅਦਾਲਤ ‘ਚ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। NSA ਦੇ ਆਦੇਸ਼ ਸਿਰਫ ਇੱਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖਿਲਾਫ ਨਵੇਂ ਸਿਰੇ ਤੋਂ ਐੱਨ.ਐੱਸ.ਏ. ਲਗਾਇਆ ਗਿਆ ਹੈ।