ਅੰੰਮਿ੍ਤਸਰ. ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਅਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ। ਅੱਜ ਲੋਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਦੇਸ਼ ਨੂੰ ਸਹੀ ਦਿਸ਼ਾ ਵੱਲ ਲੈ ਜਾ ਸਕਦੇ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਅਮਰੇਂਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ‘ਚ ਕਾਂਗਰਸ ਪਾਰਟੀ ਨੇ ਕਿਸੇ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ, ਉਹ 13 ‘ਚੋਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਗੁਰਜੀਤ ਸਿੰਘ ਔਜਲਾ ਨੇ ਇਹ ਗੱਲ ਪਰਮਜੀਤ ਸਿੰਘ ਪੰਮਾ ਵੱਲੋਂ ਮਜੀਠਾ ਸ਼ਹਿਰ ਅਤੇ ਪਿੰਡ ਜੇਠੂ ਨੰਗਲ ਵਿਖੇ ਰੱਖੀ ਮੀਟਿੰਗ ਦੌਰਾਨ ਕਹੀ।
ਮੀਟਿੰਗ ਦੌਰਾਨ ਬੋਲਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸੀ ਆਗੂਆਂ ਤੇ ਵਰਕਰਾਂ ‘ਤੇ ਨਜਾਇਜ਼ ਪਰਚੇ ਪਾ ਕੇ ਪੰਜਾਬ ਦੇ ਨੌਜਵਾਨਾਂ ਦਾ ਖੂਨ ਵਹਾ ਰਹੀ ਹੈ। ਅੱਜ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਬੜੇ ਵਿਸ਼ਵਾਸ ਨਾਲ ਵੋਟਾਂ ਪਾਈਆਂ ਸਨ, ਉਸੇ ਪਾਰਟੀ ਨੇ ਆਪਣਾ ਅਸਲੀ ਰੰਗ ਵਿਖਾ ਦਿੱਤਾ ਹੈ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਸਮੇਤ ਲਗਭਗ ਹਰ ਵਰਗ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਿਹਾ ਹੈ। 2 ਸਾਲਾਂ ਵਿੱਚ ਹੀ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਉਹ ਸਮਝ ਚੁੱਕੇ ਹਨ ਕਿ ਇਹ ਪੰਜਾਬ ਨੂੰ ਤਬਾਹੀ ਵੱਲ ਧੱਕ ਰਹੀ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਧਰਮ ਦੀ ਰਾਜਨੀਤੀ ਕਰ ਰਹੀ ਹੈ। ਨਰਿੰਦਰ ਮੋਦੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਹਨ। ਲੱਗਦਾ ਹੈ ਕਿ ਇਸ ਵਾਰ ਉਹ ਰਾਮ ਮੰਦਰ ਦੇ ਮੁੱਦੇ ‘ਤੇ ਵੋਟਾਂ ਲੈਣਾ ਚਾਹੁੰਦੇ ਹਨ, ਪਰ ਭਾਰਤ ਦੇ ਲੋਕ ਅਜਿਹੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ, ਇਸ ਲਈ ਉਹ ਇਸ ਵਾਰ ਮੋਦੀ ਦੇ ਜਾਲ ਵਿਚ ਨਹੀਂ ਫਸਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦੇ ਬਹਾਦਰ ਲੋਕਾਂ ਨੇ ਇੱਕ ਵਾਰ 1947 ਵਿੱਚ ਭਾਰਤ ਨੂੰ ਆਜ਼ਾਦ ਕਰਵਾਇਆ ਸੀ, ਪਰ ਹੁਣ ਇੱਕ ਵਾਰ ਫਿਰ ਮੋਦੀ ਵੱਲੋਂ ਅਡਾਨੀ ਅਬਾਨੀ ਨੂੰ ਦਿੱਤੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੋਕ ਉਤਾਵਲੇ ਹਨ।