ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਪਟਿਆਲਾ, ਜਲੰਧਰ ਅਤੇ ਗੁਰਦਾਸਪੁਰ ‘ਚ ਚੋਣ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ‘ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਸੁਰੱਖਿਆ ‘ਤੇ ਹੋਰ ਵੀ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਲਈ 4 ਲੇਅਰ ਸਿਕਿਓਰਿਟੀ ਦਾ ਪ੍ਰਬੰਧ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਦੇ ਪੋਲੋ ਗ੍ਰਾਊਂਡ ‘ਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਉਸ ਤੋਂ ਅਗਲੇ ਦਿਨ ਪ੍ਰਧਾਨ ਮੰਤਰੀ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਪੂਰੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਕੁੱਲ 4200 ਮੁਲਾਜ਼ਮ ਤੇ ਅਧਿਕਾਰੀ ਸ਼ਾਮਲ ਹੋਣਗੇ। ਇਸੇ ਤਰ੍ਹਾਂ 9 ਆਈ.ਜੀ.-ਡੀ.ਆਈ.ਜੀ. ਤੇ ਹੋਰ ਐੱਸ.ਪੀ. ਤੇ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀ ਵੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਗੁਜਰਾਤ ਪੁਲਸ ਦੀਆਂ ਟੀਮਾਂ ਪਹਿਲਾਂ ਹੀ ਪੰਜਾਬ ਆ ਚੁੱਕੀਆਂ ਹਨ।
ਰੈਲੀ ਵਾਲੀ ਥਾਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੈਮਰਿਆਂ ਦੀ ਨਿਗ੍ਹਾ ‘ਤੇ ਰਹੇਗਾ। ਇਹ ਕੈਮਰੇ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਹੀ ਤੁਰੰਤ ਅਧਿਕਾਰੀਆਂ ਨੂੰ ਅਲਰਟ ਕਰ ਦੇਣਗੇ। ਪਟਿਆਲਾ ਵਿਚ ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਹਰਿਆਣਾ ਨਾਲ ਲੱਗਦੇ ਸ਼ੰਭੂ ਬਾਰਡਰ ਨਾਲ ਡੇਰਾਬੱਸੀ, ਘਨੌਰ, ਚੀਕਾ ਤੇ ਖਨੌਰੀ ਨਾਲ ਲੱਗਦੀਆਂ ਸਰਹੱਦਾਂ ‘ਤੇ ਕਮਾਂਡੋ ਤਾਇਨਾਤ ਕਰ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।