ਕਾਂਗਰਸ ਦੀ ਆਪ ਖਿਲਾਫ ਕਾਰਵਾਈ, ਚੋਣ ਕਮਿਸ਼ਨ ਨੂੰ ਦਿੱਤੀ ਲਿਖਤੀ ਸ਼ਿਕਾਇਤ, FIR ਵੀ ਕਰਵਾਉਣਗੇ ਦਰਜ! 

Global Team
2 Min Read

ਅੰਮਿ੍ਤਸਰ : ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਹਨਾਂ ਕਿਹਾ ਕਿ ਐਫਆਈਆਰ ਵੀ ਦਰਜ ਕਰਵਾਈ ਜਾਵੇਗੀ। ਔਜਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਦਿਖ ਰਹੀ ਹਾਰ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਹੁਣ ਫਰਜ਼ੀ ਕਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਬੀਤੀ ਰਾਤ  ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀ ਹਾਰ ਨੂੰ ਦੇਖਦੇ ਹੋਏ ਅਜਿਹੇ ਸਸਤੇ ਹੱਥਕੰਡੇ ਅਪਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਉਨ੍ਹਾਂ ਨੇ ਲੋਕਾਂ ਦੇ ਹੱਕ ਵਿੱਚ ਕੰਮ ਕਰਨ ਦਾ ਸਮਾਂ ਸੀ ਤਾਂ ਅਜਿਹਾ ਕਿਉਂ ਨਹੀਂ ਕੀਤਾ, ਹੁਣ ਉਨ੍ਹਾਂ ਦੀ ਹਾਰ ਦਾ ਡਰ ਅਜਿਹੀਆਂ ਫਰਜ਼ੀ ਕਾਲਾਂ ਰਾਹੀਂ ਦਿਖਾਈ ਦੇ ਰਿਹਾ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਮੁੱਚੀਆਂ ਚੋਣਾਂ ਦੌਰਾਨ ਉਨ੍ਹਾਂ ਨੇ ਆਪਣੇ ਕੰਮਾਂ ਰਾਹੀਂ ਹੀ ਵੋਟਾਂ ਮੰਗੀਆਂ ਹਨ ਅਤੇ ਕਦੇ ਵੀ ਅਜਿਹੀ ਘਟੀਆ ਰਾਜਨੀਤੀ ਨਹੀਂ ਕੀਤੀ ਪਰ ਅੱਜ ਜਦੋਂ ਅਜਿਹੇ ਫੋਨ ਆ ਰਹੇ ਹਨ ਤਾਂ ਉਨ੍ਹਾਂ ਅੱਗੇ ਆ ਕੇ ਜਵਾਬ ਦੇਣਾ ਜ਼ਰੂਰੀ ਸਮਝਿਆ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਭਾਜਪਾ ਨਾਲ ਹਨ ਅਤੇ ਅਮਿਤ ਸ਼ਾਹ ਨਾਲ ਮਿਲ ਕੇ ਸੱਤਾ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾ ਧਮਕਾ ਰਹੀ ਹੈ ਪਰ ਲੋਕਾਂ ਦੇ ਕੰਮਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇਕਰ ਲੋਕਾਂ ਨੇ ਕੰਮ ਕੀਤਾ ਹੁੰਦਾ, ਹਾਰ ਦੇ ਡਰੋਂ ਨਿਗਮ ਚੋਣਾਂ ਨਾ ਰੋਕੀਆਂ ਹੁੰਦੀਆਂ ਤਾਂ ਅੱਜ ਅਜਿਹੀ ਸਿਆਸਤ ਦੀ ਲੋੜ ਹੀ ਨਹੀਂ ਸੀ ਪੈਣੀ। ਉਨ੍ਹਾਂ ਕਿਹਾ ਕਿ ਉਹ ਅਜਿਹਾ ਕਦੇ ਨਹੀਂ ਕਹਿੰਦੇ ਪਰ ਅੱਜ ਕਹਿ ਰਹੇ ਹਨ ਕਿ 4 ਜੂਨ ਨੂੰ ਅੰਮ੍ਰਿਤਸਰ ਤੋਂ ਆਪ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਅਜਿਹੀਆਂ ਅਫਵਾਹਾਂ ਫੈਲਾ ਕੇ ‘ਆਪ’ ਇਹ ਸਾਬਤ ਕਰ ਰਹੀ ਹੈ ਕਿ ਉਹ ਹਾਰ ਦਾ ਸਾਹਮਣਾ ਕਰ ਰਹੀ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੁੰਦੀ ਹੈ ਕਿ ਗੁਰਜੀਤ ਸਿੰਘ ਔਜਲਾ ਬਿਲਕੁਲ ਤੰਦਰੁਸਤ ਹਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ। ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਮਿਹਨਤਕਸ਼ ਉਮੀਦਵਾਰ ਨੂੰ ਜਿਤਾਉਣ।

Share This Article
Leave a Comment