ਗਾਇਕਾ ਅਮਰ ਨੂਰੀ ਦੀ ਸੁਰੱਖਿਆ ’ਚ ਤਾਇਨਾਤ ਕਾਂਸਟੇਬਲ ਨੇ ਸਾਥੀਆਂ ਨਾਲ ਮਿਲ ਕੇ ਕੀਤਾ ਵੱਡਾ ਕਾਰਾ

Global Team
3 Min Read

ਲੁਧਿਆਣਾ : ਖੰਨਾ ’ਚ ਗਾਇਕਾ ਅਮਰ ਨੂਰੀ (Amar Noorie) ਦੀ ਸੁਰੱਖਿਆ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਦੋ ਸਾਥੀਆਂ ਨਾਲ ਮਿਲ ਕੇ ਲੁਧਿਆਣਾ ਦੇ ਨੌਜਵਾਨ ਨੂੰ ਅਗਵਾ ਕਰ ਲਿਆ। ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਉਸ ਨੂੰ ਨਸ਼ੇ ਦੀ ਤਸਕਰੀ ਦੇ ਮਾਮਲੇ ’ਚ ਫਸਾਉਣ ਦੀ ਧਮਕੀ ਦੇ ਕੇ ਉਸ ਤੋਂ 30 ਹਜ਼ਾਰ ਰੁਪਏ ਦੀ ਰਕਮ ਹਾਸਲ ਕਰ ਲਈ। ਪੁਲਿਸ ਨੇ ਸਿਪਾਹੀ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਨ੍ਹਾਂ ਦਾ ਇਕ ਸਾਥੀ ਫ਼ਰਾਰ ਹੈ।

ਮੁਲਜ਼ਮਾਂ ਦੀ ਪਛਾਣ ਸੀਨੀਅਰ ਕਾਂਸਟੇਬਲ ਜਗਦੀਸ਼ ਸਿੰਘ ਅਤੇ ਉਸ ਦੇ ਸਾਥੀ ਸਤਨਾਮ ਸਿੰਘ ਵਾਸੀ ਪਿੰਡ ਜੱਸੋਵਾਲ ਵਜੋਂ ਹੋਈ ਹੈ। ਇਨ੍ਹਾਂ ਦੇ ਸਾਥੀ ਮਨਦੀਪ ਸਿੰਘ ਵਾਸੀ ਮਾਛੀਵਾੜਾ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਸੀਨੀਅਰ ਕਾਂਸਟੇਬਲ ਜਗਦੀਸ਼ ਸਿੰਘ ਡਿਊਟੀ ਤੋਂ ਗ਼ੈਰ-ਹਾਜ਼ਰ ਚੱਲ ਰਿਹਾ ਸੀ। ਜਗਦੀਸ਼ ਸਿੰਘ ਗਾਇਕਾ ਅਮਰ ਨੂਰੀ ਦੀ ਸੁਰੱਖਿਆ ਵਿਚ ਤਾਇਨਾਤ ਸੀ। ਜਗਦੀਸ਼ ਨੇ 1 ਜੂਨ ਤੋਂ ਬਿਨਾਂ ਦੱਸੇ ਛੁੱਟੀ ਲੈ ਲਈ ਸੀ। ਹੁਣ ਉਕਤ ਦੋਸ਼ੀ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਾਈਵੇਟ ਫਰਮ ਵਿਚ ਕੰਮ ਕਰਨ ਵਾਲੇ ਸੋਮ ਪ੍ਰਕਾਸ਼ ਨੇ ਦੱਸਿਆ ਕਿ ਉਹ 9 ਜੂਨ ਨੂੰ ਆਪਣੇ ਪਿੰਡ ਦੇ ਗੇਟ ’ਤੇ ਸੀ। ਰਾਤ ਦਟ ਲਗਭਗ 8:30 ਵਜੇ ਸਵਿਫਟ ਕਾਰ ਉਸ ਦੇ ਨੇੜੇ ਆ ਕੇ ਰੁਕੀ। ਕਾਰ ’ਚੋਂ ਉਤਰੇ ਤਿੰਨ ਵਿਅਕਤੀ ਉਸ ਨੂੰ ਗੱਡੀ ਵਿਚ ਘਸੀਟ ਕੇ ਲੈ ਗਏ। ਉਹਨਾਂ ਨੇ ਖ਼ੁਦ ਨੂੰ ਸੀਆਈਏ ਸਟਾਫ ਦੋਰਾਹਾ ਦੇ ਮੁਲਾਜ਼ਮ ਦੱਸਿਆ। ਮੁਲਜ਼ਮ ਉਸ ਨੂੰ ਕਾਰ ‘ਚ ਬਿਠਾ ਕੇ ਲੈ ਗਏ। ਉਸ ਨੂੰ ਛੱਡਣ ਲਈ 30 ਹਜ਼ਾਰ ਰੁਪਏ ਦੀ ਮੰਗ ਕੀਤੀ। ਧਮਕੀ ਦਿੱਤੀ ਕਿ ਜੇ ਪੈਸੇ ਨਾ ਦਿੱਤੇ ਤਾਂ ਉਹ ਉਸ ਨੂੰ ਨਸ਼ਾ ਤਸਕਰੀ ਦੇ ਕੇਸ ਵਿਚ ਫਸਾ ਦੇਣਗੇ। ਅਗਵਾਕਾਰਾਂ ਨੇ ਉਸ ਦੇ ਪਰਿਵਾਰ ਨੂੰ ਫੋਨ ਕਰ ਕੇ ਧਮਕੀ ਦਿੱਤੀ ਕਿ ਜੇ 30 ਹਜ਼ਾਰ ਰੁਪਏ ਨਾ ਦਿੱਤੇ ਤਾਂ ਨਤੀਜੇ ਭੁਗਤਣੇ ਪੈਣਗੇ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪਿਤਾ ਜੋਗਿੰਦਰ ਸਿੰਘ ਪੈਸੇ ਲੈ ਕੇ ਪਿੰਡ ਘੁਲਾਲ ਦੇ ਟੋਲ ਪਲਾਜ਼ਾ ਨੇੜੇ ਪਹੁੰਚਿਆ। ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਛੱਡ ਦਿੱਤਾ ਅਤੇ ਚੁੱਪ ਰਹਿਣ ਦੀ ਧਮਕੀ ਦਿੱਤੀ। ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment