ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਹਟਦਿਆਂ ਹੀ ਉਨ੍ਹਾਂ ਨੇ ਪਰਿਵਾਰ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਪੂਤ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੀ ਰਿਣੀ ਹੈ, ਜਿਸ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।