ਚੰਡੀਗੜ੍ਹ: ਬਠਿੰਡਾ ਦੇ ਐਮ ਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਅਤੇ ਐਮ ਐਸ ਪੀ ਕਮੇਟੀ ਵਿਚ ਕਿਸਾਨਾਂ ਨੂੰ ਪ੍ਰਤੀਨਿਧਤਾ ਦੇ ਕੇ ਉਹਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਹੱਲ ਕਰੇ ਅਤੇ ਉਹਨਾਂ ਮੰਗ ਕੀਤੀ ਕਿ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਕਰਨ ਵਾਸਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹੀਆਂ ਜਾਣ ਅਤੇ ਪੰਜਾਬ ਨੂੰ ਖਾਸ ਤੌਰ ’ਤੇ ਇਸਦੇ ਸਰਹੱਦੀ ਇਲਾਕਿਆਂ ਵਾਸਤੇ ਸਨਅਤੀ ਪੈਕੇਜ ਦਿੱਤਾ ਜਾਵੇ।
ਬਠਿੰਡਾ ਦੇ ਐਮ ਪੀ, ਨੇ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬੋਲਦਿਆਂ, ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਇਕੱਲਾ ਰਾਜ ਹੈ ਜਿਸ ਕੋਲ ਆਪਣਾ ਰਾਜਧਾਨੀ ਸ਼ਹਿਰ ਨਹੀਂ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਖੋਰਾ ਲਗਾਉਣ ਲਈ ਪੰਜਾਬ ਤੇ ਹਰਿਆਣਾ ਤੋਂ ਅਫਸਰਾਂ ਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 60:40 ਅਨੁਪਾਤ ਵਿਚ ਤਾਇਨਾਤੀ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ, ਯੂ ਟੀ ਵਿਚ ਕੇਂਦਰੀ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਸਰਕਾਰੀ ਕੰਮਕਾਜ ਵਿਚ ਪੰਜਾਬੀ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
ਹਰਸਿਮਰਤ ਕੌਰ ਬਾਦਲ ਨੇ ਆਪਣੇ ਤੂਫਾਨੀ ਭਾਸ਼ਣ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਘਰਸ਼ ਕਰ ਕੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਨਾ ਖੋਹੇ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਅਨਿਆਂ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਕੀਤਾ ਇਕਰਾਰ ਵੀ ਚੇਤੇ ਕਰਵਾਇਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਇਸ ਮਾਮਲੇ ’ਤੇ ਪਹਿਲਾਂ ਅਦਾਲਤ ਨੂੰ ਇਹ ਕਿਹਾ ਕਿ ਸਿੱਖ ਬੰਦੀ ਸਮਾਜ ਲਈ ਖ਼ਤਰਾ ਹਨ ਅਤੇ ਬਾਅਦ ਵਿਚ ਹੁਣ ਇਹ ਸ਼ਰਤ ਲਗਾ ਦਿੱਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਆਪਣੇ ਕੀਤੇ ਲਈ ਮੁਆਫੀ ਮੰਗਣੀ ਪਵੇਗੀ। ਉਹਨਾਂ ਨੇ ਆਪਣੇ ਹੀ ਮੁਲਕ ਵਿਚ ਅੰਮ੍ਰਿਤਧਾਰੀ ਸਿੱਖ ਬੀਬੀਆਂ ਨਾਲ ਹੋ ਰਹੇ ਵਿਤਕਰੇ ਦਾ ਮਾਮਲਾ ਵੀ ਚੁੱਕਿਆ ਅਤੇ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਰਾਜਸਥਾਨ ਵਿਚ ਇਕ ਪ੍ਰੀਖਿਆ ਕੇਂਦਰ ਵਿਚ ਉਹਨਾਂ ਨੂੰ ਆਪਣੇ ਕੱਕਾਰ ਉਤਾਰਣ ਲਈ ਮਜਬੂਰ ਕੀਤਾ ਗਿਆ।
ਬਾਦਲ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਵਾਸਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਭਰੋਸਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਤੇ ਜਦੋਂ ਕਿਸਾਨਾਂ ਨੇ ਕੁਝ ਮਹੀਨੇ ਪਹਿਲਾਂ ਕੇਂਦਰ ਨੂੰ ਆਪਣਾ ਵਾਅਦਾ ਚੇਤੇ ਕਰਵਾਉਣ ਵਾਸਤੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਹਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ।
ਬਾਦਲ ਨੇ ਪੰਜਾਬ ਲਈ ਵਿਸ਼ੇਸ਼ ਇੰਡਸਟਰੀਅਲ ਪੈਕੇਜ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਟੈਕਸ ਰਿਆਇਤਾਂ ਕਾਰਣ ਉਥੇ ਉਦਯੋਗ ਉਤਸ਼ਾਹਿਤ ਹੋਏ। ਪਰ ਇਸ ਕਾਰਣ ਪੰਜਾਬ ਦੀ ਇੰਡਸਟਰੀ ਪਹਾੜੀ ਰਾਜਾਂ ਵਿਚ ਚਲੀ ਗਈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਬੇਰੋਜ਼ਗਾਰੀ ਫੈਲੀ। ਉਹਨਾਂ ਕਿਹਾ ਕਿ ਪੰਜਾਬ ਨੂੰ ਖਾਸ ਤੌਰ ’ਤੇ ਇਸਦੀ ਸਰਹੱਦੀ ਪੱਟੀ ਨੂੰ ਸਨਅਤੀ ਪੈਕੇਜ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹ ਕੇ ਪਾਕਿਸਤਾਨ ਅਤੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਸ਼ੁਰੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਹੱਦੀ ਪੱਟੀ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਸਤੇ ਅਜਿਹਾ ਕਰਨਾ ਲਾਜ਼ਮੀ ਹੈ। ਉਹਨਾਂ ਨੇ ਪੰਜਾਬ ਵਿਚ ਨਸ਼ਿਆਂ ਦੇ ਪਸਾਰ ਖਾਸ ਤੌਰ ’ਤੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟਣ ਦੇ ਮਾਮਲਿਆਂ ’ਤੇ ਨਕੇਲ ਪਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਬਠਿੰਡਾ ਦੇ ਐਮ ਪੀ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿੱਖ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ। ਉਹਨਾਂ ਕਿਹਾ ਕਿ ਪਹਿਲਾਂ ਜਿਥੇ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਕੀਤੇ, ਉਥੇ ਹੀ ਮੌਜੂਦਾ ਸਰਕਾਰ ਨਾਂਦੇੜ ਸਾਹਿਬ ਆਧਾਰਿਤ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਨਵੇਂ ਫੌਜਦਾਰੀ ਕਾਨੂੰਨਾਂ ਤਹਿਤ ਪੁਲਿਸ ਨੂੰ ਵੱਧ ਤਾਕਤਾਂ ਦੇ ਕੇ ਐਮਰਜੰਸੀ ਵਰਗੇ ਹਾਲਾਤ ਬਣਾਉਣ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਹਨਾਂ ਨੈ ਇਹ ਵੀ ਕਿਹਾ ਕਿ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਐਮ ਪੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਤੱਕ ਨਹੀਂ ਚੁੱਕਣ ਦਿੱਤੀ ਜਾ ਰਹੀ।