ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡਾਂ ਗੋਇੰਦਵਾਲ ਸਾਹਿਬ, ਧੁੰਦਾ, ਖੱਖ, ਜੋਹਲ ਢਾਏ ਵਾਲਾ, ਮੁੰਡਾ ਪਿੰਡ, ਗੁੱਜਰਪੁਰਾ, ਘੜਕਾ, ਕਰਮੂੰਵਾਲਾ, ਚੰਬਾ ਕਲਾਂ, ਕੰਬੋ, ਧੁੰਨ ਢਾਏ ਵਾਲਾ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਆਪਣੇ ਦੌਰੇ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਖਡੂਰ ਸਾਹਿਬ ਵਾਸੀਆਂ ਲਈ ਹੜਾਂ ਕਾਰਨ ਹੋਏ ਭਾਰੀ ਨੁਕਸਾਨ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਫ਼ਸਲਾਂ ਦੀ ਤਬਾਹੀ, ਜਾਨਮਾਲ, ਮਕਾਨਾਂ ਅਤੇ ਪਸ਼ੂਆਂ ਦੇ ਨੁਕਸਾਨ ਨੂੰ ਉਜਾਗਰ ਕੀਤਾ, ਜਿਸ ਨਾਲ ਬੇਹੱਦ ਚਿੰਤਾਜਨਕ ਸਥਿਤੀ ਪੈਦਾ ਹੋਈ ਹੈ। ਇਸਤੋਂ ਇਲਾਵਾ ਬਹੁਤ ਸਾਰੇ ਲੋਕ ਬੇਘਰ ਹੋ ਚੁੱਕੇ ਹਨ।
ਇਸ ਡੂੰਘੇ ਸੰਕਟ ਪ੍ਰਤੀ ਸੂਬਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨ੍ਹਾਂ ਨਾਜ਼ੁਕ ਹਾਲਾਤਾਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਤੁਰੰਤ ਮੁਲਾਂਕਣ ਕਰਨ ਦੀ ਸਿਫਾਰਸ਼ ਕੀਤੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ‘ਆਪ’ ਸਰਕਾਰ ਨੂੰ ਭਾਰੀ ਬਾਰਸ਼ ਕਾਰਨ ਪ੍ਰਭਾਵਿਤ ਇਲਾਕਿਆਂ ਲਈ ਭਵਿੱਖ ਵਿੱਚ ਹੜ੍ਹਾਂ ਦੇ ਜੋਖ਼ਮ ਨੂੰ ਘਟਾਉਣ ਲਈ ਉਪਾਅ ਲਾਗੂ ਕਰਨ ਦੀ ਅਪੀਲ ਕੀਤੀ।
ਬ੍ਰਹਮਪੁਰਾ ਨੇ ਕਿਹਾ ਕਿ ਖਡੂਰ ਸਾਹਿਬ ਦਾ ਕਿਸਾਨ ਭਾਈਚਾਰਾ ਇਸ ਕੁਦਰਤੀ ਆਫ਼ਤ ਦੇ ਬਾਅਦ ਦੁਚਿੱਤੀ ਵਿਚ ਹੈ, ਜਿਸ ਨਾਲ ਫ਼ਸਲਾਂ ਦੀ ਮਾਰ ਕਾਰਨ, ਨਾ ਸਿਰਫ਼ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਉਨ੍ਹਾਂ ਦੇ ਜੀਵਨ ਦੀਆਂ ਬੁਨਿਆਦੀ ਲੋੜਾਂ ‘ਤੇ ਵੀ ਪ੍ਰਭਾਵ ਪਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਲਾਜ਼ਮੀ ਹੈ ਕਿ ਉਹ ਪ੍ਰਭਾਵਿਤ ਵਸਨੀਕਾਂ ਖ਼ਾਸ ਕਰਕੇ ਕਿਸਾਨਾਂ ਨੂੰ, ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਨਿਰਣਾਇਕ ਕਾਰਵਾਈ ਨੂੰ ਤੁਰੰਤ ਮੁਕੰਮਲ ਕਰੇ।
ਬ੍ਰਹਮਪੁਰਾ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਦੁਆਰਾ ਸਮੇਂ ਸਿਰ ਕਾਰਵਾਈ ਅਤੇ ਦਖਲ ਨਾ ਦੇਣ ਦੀ ਲਾਪਰਵਾਹੀ ਨੇ ਸਾਡੇ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਕਿਸਾਨਾਂ ਨੂੰ ਕਮਜ਼ੋਰ ਬਣਾ ਦਿੱਤਾ ਹੈ ਅਤੇ ਹੜ੍ਹਾਂ ਤੋਂ ਬਾਅਦ ਦੇ ਨਤੀਜਿਆਂ ਨਾਲ ਸਿੱਝਣ ਲਈ ਜ਼ੋਰਦਾਰ ਸੰਘਰਸ਼ ਕਰਨਾ ਪੈ ਰਿਹਾ ਹੈ।
ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਨੂੰ ਢੁਕਵੇਂ ਢੰਗ ਨਾਲ ਹੱਲ ਕਰਨ ਵਿੱਚ ਸੂਬਾ ਸਰਕਾਰ ਦੀ ਅਸਫ਼ਲਤਾ ਖਡੂਰ ਸਾਹਿਬ ਦੇ ਲੋਕਾਂ ਦੀ ਭਲਾਈ ਪ੍ਰਤੀ ਅਣਦੇਖੀ ਨੂੰ ਸਾਫ਼ ਤੌਰ ‘ਤੇ ਦਰਸਾਉਂਦੀ ਹੈ, ਜੋ ਕਿ ‘ਆਪ’ ਸਰਕਾਰ ਲਈ ਬੇਹੱਦ ਸ਼ਰਮਨਾਕ ਗੱਲ ਹੈ।