ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਵਾਰ ਫਿਰ ਦਿੱਲੀ-NCR ਵਿੱਚ ਵੱਧ ਰਹੇ ਪ੍ਰਦੂਸ਼ਣ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਬਣਾਏ ਗਏ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਉਮੀਦ ਮੁਤਾਬਕ ਕੰਮ ਨਹੀਂ ਕੀਤਾ।
ਇਸ ਮਾਮਲੇ ਵਿੱਚ ਅਦਾਲਤ ਵੱਲੋਂ ਨਿਯੁਕਤ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਪਰਾਲੀ ਸਾੜਨੀ ਸ਼ੁਰੂ ਕਰ ਦਿੱਤੀ ਹੈ। ਇਸ ਸਾਲ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ ਜ਼ਰੂਰੀ ਹੈ। ਜਸਟਿਸ ਅਭੈ ਐਸ ਓਕ ਅਤੇ ਔਗਸਟਿਨ ਮਸੀਹ ਦੇ ਬੈਂਚ ਨੇ ਕਮਿਸ਼ਨ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਸ਼ਟ ਕਰਨ ਲਈ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ।
ਅਦਾਲਤ ਨੇ ਹੈਰਾਨੀ ਪ੍ਰਗਟਾਈ ਕਿ ਕਮਿਸ਼ਨ ਦੀ ਸਬ-ਕਮੇਟੀ ਸਾਲ ਵਿੱਚ ਸਿਰਫ਼ ਚਾਰ ਵਾਰ ਹੀ ਮੀਟਿੰਗ ਕਰਦੀ ਹੈ। ਅਦਾਲਤ ਨੇ ਮੀਟਿੰਗਾਂ ਦੇ ਵੇਰਵੇ ਮੰਗੇ। ਅਦਾਲਤ ਨੇ ਇਹ ਵੀ ਕਿਹਾ ਕਿ ਕਮਿਸ਼ਨ ਨੂੰ ਸੀਏਕਿਊਐਮ ਐਕਟ ਦੀ ਧਾਰਾ 14 ਤਹਿਤ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਅਧਿਕਾਰ ਹੈ, ਪਰ ਕਮਿਸ਼ਨ ਨੇ 2021 ਵਿੱਚ ਆਪਣੇ ਗਠਨ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਹੈ।
ਜਸਟਿਸ ਨੇ ਕਿਹਾ, “ਇਸ ਐਕਟ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ ਹੈ। ਕਿਰਪਾ ਕਰਕੇ ਸਾਨੂੰ ਐਕਟ ਦੇ ਤਹਿਤ ਕਿਸੇ ਵੀ ਹਿੱਸੇਦਾਰ ਨੂੰ ਜਾਰੀ ਕੀਤਾ ਗਿਆ ਇੱਕ ਵੀ ਨਿਰਦੇਸ਼ ਦਿਖਾਓ।” ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਚੁੱਕੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।