ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਦਾ ਸੱਦਾ ਲਿਆ ਵਾਪਿਸ

Global Team
2 Min Read

ਚੰਡੀਗੜ੍ਹ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਿਸ ਲੈ ਲਿਆ ਹੈ।ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ ‘ਤੇ ਸਹਿਮਤੀ ਬਣੀ ਹੈ।

ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗਲੀ ਮੀਟਿੰਗ ਵਿਚ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ ਅਤੇ ਅਗਲੀ ਮੀਟਿੰਗ ਵਿੱਚ ਠੋਸ ਤਜਵੀਜ਼ ਲੈ ਕੇ ਆਉਣਾ ਯਕੀਨੀ ਬਣਾਉਣ।

ਭੁੱਲਰ ਨੇ ਕਿਹਾ ਕਿ ਮਾਨ ਸਰਕਾਰ ਨੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜੰਗੀ ਪਧਰ ‘ਤੇ ਵਿੱਢੀ ਹੋਈ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਕਾਫ਼ੀ ਮੁਸ਼ਕਲਾਂ ਦਾ ਨਿਪਟਾਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੁਢਲਾ ਫ਼ਰਜ਼ ਹੈ ਕਿ ਉਹ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰੇ।

ਸਰਵਿਸ ਪ੍ਰੋਵਾਈਡਰ ਏਜੰਸੀ ਦੇ ਠੇਕੇਦਾਰਾਂ ਵੱਲੋਂ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਉਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਤਨਖ਼ਾਹਾਂ ਤੇ ਭੱਤੇ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਠੇਕੇਦਾਰਾਂ ਨਾਲ ਛੇਤੀ ਹੀ ਮੀਟਿੰਗ ਉਲੀਕਣ ਦੇ ਆਦੇਸ਼ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment