‘SGPC ਜਲਦ ਹੀ ਬਣ ਜਾਵੇਗੀ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ’; ਭਾਜਪਾ ਲੀਡਰ ਦੀ ਵਿਵਾਦਤ ਟਿੱਪਣੀ ‘ਤੇ ਭੜਕਿਆ ਅਕਾਲੀ ਦਲ

Global Team
3 Min Read

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਪੰਥਕ ਗਲਿਆਰੇ ਸਰਗਰਮ ਹੋ ਗਏ ਹਨ। ਇਸ ਨੂੰ ਲੈ ਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੋਸ ਵੀ ਲਾਏ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਭ ਦੇ ਚਲਦਿਆਂ  ਭਾਜਪਾ ਦੇ ਬੁਲਾਰੇ ਨੇ ਇੱਕ ਵਿਵਾਦਤ ਟਿੱਪਣੀ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਨੂੰ ਵੀ ਆਖਿਆ ਕਿ ਉਹ ਸ੍ਰੀ ਆਰ ਪੀ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕਰ ਅਤੇ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ।

ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਦੇ ਕੌਮੀ ਬੁਲਾਰੇ ਨੇ ਜਾਣ ਬੁੱਝ ਕੇ ਭੜਕਾਊ ਬਿਆਨ ਦਿੱਤਾ ਹੈ ਜਿਸਦਾ ਇਕਲੌਤਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨਾ ਹੈ ਜੋ ਕਿ ਬਹੁਤ ਵੱਡੀ ਘਾਲਣਾ ਤੋਂ ਬਾਅਦ ਹੋਂਦ ਵਿਚ ਆਈ ਹੈ ਤੇ ਇਸ ਵਾਸਤੇ ਅੰਗਰੇਜ਼ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵੀ ਕਰਨਾ ਪਿਆ ਸੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਾਜਪਾ ਆਗੂ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਵਾਸਤੇ ਅਜਿਹੇ ਬਿਆਨ ਉਸ ਵੇਲੇ ਦੇ ਰਹੇ ਹਨ ਜਦੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਿਰ ’ਤੇ ਹਨ ਤੇ 28 ਅਕਤੂਬਰ ਨੂੰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਬਿਆਨ ਧਾਰਮਿਕ ਘੱਟ ਗਿਣਤੀਆਂ ਨੂੰ ਗਲਤ ਸੰਦੇਸ਼ ਦੇਣ ਲਈ ਜਾਰੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਸ਼ਾਂਤੀਪੂਰਨ ਤੇ ਫਿਰਕੂ ਸਦਭਾਵਨਾ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਕਾਨੂੰਨ ਮੁਤਾਬਕ ਭਾਜਪਾ ਆਗੂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਸਪਸ਼ਟ ਸੰਦੇਸ਼ ਜਾਵੇ ਕਿ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment