ਚੰਡੀਗੜ੍ਹ: ਪੰਜਾਬ ਸਰਕਾਰ ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ ਜਲਦ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਦਾ ਸਰਕਾਰ ਵੱਲੋਂ ਅਧਿਐਨ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਾਰਡਬੰਦੀ ਹੋ ਚੁੱਕੀ ਹੈ, ਜਦੋਂ ਕਿ ਕਈ ਥਾਵਾਂ ‘ਤੇ ਇਹ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਜਨਵਰੀ ਤੇ ਫਰਵਰੀ ਦੇ ਅੰਤ ਤੱਕ ਕੰਮ ਮੁਕੰਮਲ ਹੋ ਜਾਵੇਗਾ।
ਬਾਕੀ ਦਾ ਫੈਸਲਾ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਸੀ। ਉਸ ‘ਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਹੈ।
ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪਰ ਇਸ ਦਿਸ਼ਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਹੁਣ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ 10 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਕੇਸ ਵੀ ਦਰਜ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।