ਚੰਡੀਗੜ੍ਹ: ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠ ਰਹੇ ਹਨ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਮਰਨ ਵਰਤ ਰੱਖਣ ਦੀ ਚੇਤਾਵਨੀ ਦਿੱਤੀ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ। ਮੋਰਚੇ ਨੇ ਐਲਾਨ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਮਰਨ ਵਰਤ ਸ਼ੁਰੂ ਕਰਨਗੇ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਸੀ ਕਿ ਇਸ ਦੌਰਾਨ ਜੇ ਉਨ੍ਹਾਂ ਦੀ ਮੌ.ਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸਾਥੀ ਕਿਸਾਨ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਤੇ ਉਸ ਤੋਂ ਬਾਅਦ ਅਗਲਾ ਆਗੂ ਮਰਨ ਵਰਤ ’ਤੇ ਬੈਠੇਗਾ। ਇਸ ਤਰ੍ਹਾਂ ਮਰਨ ਵਰਤਾਂ ਦੀ ਇਹ ਲੜੀ ਉਦੋਂ ਤੱਕ ਚੱਲਦੀ ਰਹੇਗੀ, ਜਦ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ। ਕਿਸਾਨ ਆਗੂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਇਵੇਂ ਹੀ ਜਾਰੀ ਰਹੇਗਾ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਤੇ ਖਾਦ ਤੇ ਫਸਲ ਦੀ ਖਰੀਦ ਵਿੱਚ ਪਾਰਦਰਸ਼ਤਾ ਸਮੇਤ ਉਨ੍ਹਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਾਰ-ਵਾਰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ ਹੈ।