ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਡਿਉਢੀ ਦੇ ਬਾਹਰਵਾਰ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ‘ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਦਾਰ ‘ਤੇ ਹੋਇਆ ਹੈ। ਸੁਖਬੀਰ ਨੂੰ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਹੈ ਅਤੇ ਉਹ ਇਹ ਸੇਵਾ ਨਿਭਾਅ ਰਹੇ ਸਨ। ਇਹ ਮੰਦਭਾਗੀ ਘਟਨਾ ਦੀ ਉਹ ਨਿੰਦਾ ਕਰਦੇ ਹਨ।ਸਰਕਾਰ ਨੂੰ ਤਾੜਨਾ ਕਰਦੇ ਹਾਂ ਕਿ ਇਸਦੇ ਪਿੱਛੇ ਕੌਣ ਹੈ, ਸਾਰਾ ਵਰਤਾਰਾ ਕਿਉਂ ਵਾਪਰਿਆ ਉਸ ਦੀ ਮੁਕੰਮਲ ਬਰੀਕੀ ਦੇ ਨਾਲ ਜਾਂਚ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੀ ਮੌਜੂਦ ਸਨ।
ਉੱਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਬੇਹੱਦ ਮੰਦਭਾਗਾ ਤੇ ਦੁੱਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਜਿਹੜਾ ਵੀ ਆਉਂਦਾ ਹੈ ਉਹ ਆਪਣੇ ਆਪ ਨੂੰ ਭੈ-ਮੁਕਤ ਤੇ ਆਪਣੇ ਆਪ ਨੂੰ ਗੁਰੂ ਅੱਗੇ ਸਮਰਪਿਤ ਹੋਣ ਦੀ ਭਾਵਨਾ ਲੈ ਕੇ ਆਉਂਦਾ ਹੈ। ਇਸ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੀ ਘਟਨਾ ਦਾ ਵਾਪਰਨਾ ਬਹੁਤ ਮੰਦਭਾਗਾ ਹੈ।