ਜਗਤਾਰ ਸਿੰਘ ਸਿੱਧੂ;
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ ਕਿ ਉਨਾਂ ਦੀ ਜਥੇਬੰਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਜਬਰ ਦੇ ਟਾਕਰੇ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਨਾਲ ਰਲਕੇ ਟਾਕਰਾ ਕਰਨ ਲਈ ਤਿਆਰ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਜਥੇਬੰਦੀਆਂ ਦੇ ਆਪਸੀ ਵਿਖਰੇਵੇਂ ਇਕ ਵੱਖਰਾ ਮਾਮਲਾ ਹੈ ਪਰ ਕਿਸਾਨੀ ਮੁੱਦੇ ਸਾਂਝੇ ਸੰਘਰਸ਼ ਨਾਲ ਹੀ ਹੱਲ ਹੋਣਗੇ।
ਪੰਜਾਬ ਦੀ ਵੱਡੀ ਸ਼ਕਤੀਸ਼ਾਲੀ ਜਥੇਬੰਦੀ ਦੇ ਪ੍ਰਧਾਨ ਉਗਰਾਹਾਂ ਨੇ ਗਲੋਬਲ ਪੰਜਾਬ ਚੈਨਲ ਨਾਲ ਗੈਰ ਰਸਮੀ ਖਾਸ ਗੱਲਬਾਤ ਦੌਰਾਨ ਇਹ ਐਲਾਨ ਉਸ ਵੇਲੇ ਕੀਤਾ ਹੈ ਜਦੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ)ਵਲੋ ਪਿਛਲੇ ਕਈ ਦਿਨਾਂ ਤੋਂ ਮੰਗਾਂ ਮਨਵਾਉਣ ਲਈ ਜਥਿਆਂ ਦੇ ਰੂਪ ਵਿੱਚ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਰਿਆਣਾ ਸਰਕਾਰ ਪੁਲਿਸ ਬਲਾਂ ਦੀ ਵਰਤੋਂ ਕਰਕੇ ਹੰਝੂ ਗੈਸ ਦੇ ਗੋਲਿਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕਿਸਾਨਾਂ ਨੂੰ ਲਗਾਤਾਰ ਅੱਗੇ ਵਧਣ ਤੋਂ ਰੋਕ ਰਹੀ ਹੈ। ਅੰਦੋਲਨਕਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਤਾਰਾਂ ਦਿਨਾਂ ਤੋਂ ਮਰਨ ਵਰਤ ਉਪਰ ਬੈਠਾ ਹੈ ਪਰ ਸਰਕਾਰਾਂ ਦਾ ਵਤੀਰਾ ਕਿਸਾਨ ਵਿਰੋਧੀ ਹੀ ਬਣਿਆ ਹੋਇਆ ਹੈ। ਦੂਜੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਕਰਨ ਲਈ ਤਿਆਰ ਹਨ ਪਰ ਕੇਂਦਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ ।ਪੰਧੇਰ ਦਾ ਕਹਿਣਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਦੇ ਆਗੂ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਬਿਆਨਬਾਜ਼ੀ ਕਰ ਰਹੇ ਹਨ। ਕਿਸਾਨਾਂ ਵਲੋਂ ਮੁੜ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਸਥਿਤੀ ਵਿੱਚ ਕਿਸਾਨ ਆਗੂ ਡੱਲੇਵਾਲ ਨੇ ਵੀ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਡੱਟਕੇ ਸਮਰਥਨ ਦੇਣ ਦਾ ਸੱਦਾ ਦਿੱਤਾ ਹੈ ।ਉਨਾਂ ਦਾ ਕਹਿਣਾ ਹੈ ਕਿ ਸਰਕਾਰ ਅੰਦੋਲਨ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ।
ਇਸ ਸਾਰੇ ਵਰਤਾਰੇ ਦੇ ਮੱਦੇਨਜ਼ਰ ਕਿਸਾਨ ਆਗੂ ਉਗਰਾਹਾਂ ਨੇ ਕਿਹਾ ਹੈ ਕਿ ਕਿਸਾਨ ਮੰਗਾਂ ਲਈ ਕਿਸਾਨ ਜਥੇਬੰਦੀਆਂ ਰਲਕੇ ਲੜਨਗੀਆਂ ਤਾਂ ਮੰਗਾਂ ਲਈ ਦਬਾਅ ਬਣ ਸਕਦਾ ਹੈ ਅਤੇ ਕੇਂਦਰ ਸਰਕਾਰ ਨੂੰ ਝੁਕਾਇਆ ਜਾ ਸਕਦਾ ਹੈ।
ਸਾਡੇ ਅਦਾਰੇ ਵਲੋਂ ਕਈ ਹੋਰ ਕਿਸਾਨ ਆਗੂਆਂ ਨਾਲ ਵੀ ਕਿਸਾਨ ਮੰਗਾਂ ਦੀ ਪੂਰਤੀ ਬਾਰੇ ਆਪਸੀ ਗੱਲਬਾਤ ਦਾ ਰਾਹ ਅਪਨਾਉਣ ਲਈ ਸੰਪਰਕ ਕੀਤਾ ਗਿਆ ਤਾਂ ਅਕਸਰ ਇਹ ਰਾਇ ਬਣ ਰਹੀ ਹੈ ਕਿ ਅਜੇ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਜਦੋਂ ਗੱਲਬਾਤ ਕਰਨ ਦੀ ਥਾਂ ਸਖਤੀ ਕਰ ਰਹੀ ਹੈ ਤਾਂ ਲੋਕ ਸਵਾਲ ਕਰਦੇ ਹਨ ਕਿ ਸਰਕਾਰ ਦੇ ਵਤੀਰੇ ਖਿਲਾਫ ਕਿਸਾਨ ਜਥੇਬੰਦੀਆਂ ਰਲ ਕੇ ਸੰਘਰਸ਼ ਕਰਨ ਦਾ ਰਾਹ ਕਿਉਂ ਨਹੀਂ ਅਖ਼ਤਿਆਰ ਕਰਦੀਆਂ । ਸਰਕਾਰ ਕਿਸਾਨ ਜਥੇਬੰਦੀਆਂ ਦੇ ਵਖਰੇਵਿਆਂ ਦਾ ਫਾਇਦਾ ਲੈ ਰਹੀ ਹੈ। ਅਜਿਹੀ ਸਥਿਤੀ ਸਮੁੱਚੀ ਕਿਸਾਨ ਲਹਿਰ ਲਈ ਘਾਤਕ ਹੋ ਸਕਦੀ ਹੈ। ਦੇਸ਼ ਭਰ ਦੇ ਕਿਸਾਨਾਂ ਨੂੰ ਜੋੜਕੇ ਸੰਘਰਸ਼ ਕਰਨ ਨਾਲ ਹੀ ਜਿੱਤ ਹਾਸਲ ਹੋ ਸਕਦੀ ਹੈ।
ਇਸੇ ਦੌਰਾਨ ਭਲਕੇ ਖਨੌਰੀ ਬਾਰਡਰ ਉੱਤੇ ਡੱਲੇਵਾਲ ਦੀ ਹਮਾਇਤ ਵਿੱਚ ਕਿਸਾਨ ਨੇਤਾ ਰਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਕਿਸਾਨ ਆਗੂ ਪੁੱਜ ਰਹੇ ਹਨ। ਡੱਲੇਵਾਲ ਨੇ ਮੰਗਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਵੀ ਲਿਖਿਆ ਹੈ।
ਸੰਪਰਕ 9814002186