ਚੰਡੀਗੜ੍ਹ : ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਕਿਸਾਨ ਤੇ ਮਜ਼ਦੂਰ ਆਗੂਆਂ ਦੀ 19 ਤਰੀਕ ਨੂੰ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਖਰੜੇ ਦਾ ਅਧਿਐਨ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਵੇਗਾ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮਾਮਲੇ ਸਬੰਧੀ ਅਧਿਕਾਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਨੇ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਜਿਸ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸਦੇ ਨਾਲ ਹੀ ਦੂਜੇ ਪਾਸੇ ਕਿਸਾਨ ਵੀ ਇਸ ਜਾਰੀ ਖਰੜੇ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਆਉਣ ਦੀ ਰਣਨੀਤੀ ਬਣਾ ਰਹੇ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਲੱਗਦਾ ਹੈ ਕਿ ਕਿਸਾਨਾਂ ਵੱਲੋਂ ਰੱਦ ਕੀਤੇ ਤਿੰਨ ਨਵੇਂ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।