ਅੰਮ੍ਰਿਤਸਰ: ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਏ ਗਏ ਇਲਜ਼ਾਮਾਂ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨੀਵਾਂ ਦਿਖਾਉਣ ਦੇ ਲਈ 27 ਸਕਿੰਡ ਦਾ ਇੱਕ ਕਲਿੱਪ ਕੱਟ ਕੇ ਲੋਕਾਂ ਨੂੰ ਦਿਖਾ ਰਹੇ ਨੇ ਜੇਕਰ ਹਿੰਮਤ ਹੈ ਤਾਂ ਪੂਰੀ ਵੀਡੀਓ ਦਿਖਾਓ। ਉਨ੍ਹਾਂ ਨੇ ਕਿਹਾ ਕਿ ਮੇਰਾ ਗੁਨਾਹ ਹੈ ਕਿ ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਵਿੱਚ ਸ਼ਾਮਲ ਸੀ ਇਸ ਲਈ ਮੇਰੇ ਪਰਿਵਾਰ ਨੂੰ ਤੰਗ ਪਰਿਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫੈਸਲਾ ਪੰਜ ਸਿੰਘ ਸਾਹਿਬਾਨਾਂ ਦਾ ਸੀ ਪਰ ਟਰੋਲ ਮੈਨੂੰ ਕੀਤਾ ਜਾ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਵਾਇਰਲ ਹੋਣ ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਵੀਡੀਓ ਸਿਰਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਕੋਲ ਸੀ। ਇਸ ਤੋਂ ਇਲਾਵਾ ਬਾਕੀ ਥਾਵਾਂ ਤੋਂ ਉਹਨਾਂ ਨੇ ਡਿਲੀਟ ਕਰਵਾ ਦਿੱਤੀ ਸੀ। ਫਿਰ ਵੀ ਉਹ ਹੈਰਾਨ ਹਨ ਕਿ ਵੀਡੀਓ ਵਾਇਰਲ ਕਿਵੇਂ ਹੋ ਗਈ। ਉਹਨਾਂ ਨੇ ਕਿਹਾ ਕਿ ਹੁਣ ਉਹ ਖੁਦ ਇਸ ਗੱਲ ਦੀ ਮੰਗ ਕਰ ਰਹੇ ਹਨ ਕਿ ਪੂਰੀ ਵੀਡੀਓ ਨੂੰ ਜਨਤਕ ਕੀਤਾ ਜਾਵੇ। ਜਿਸ ਤੋਂ ਬਾਅਦ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇ।
ਜੱਥੇਦਾਰ ਵੱਲੋਂ ਗੱਲਬਾਤ ਦੌਰਾਨ ਸਾਲਾ ਸ਼ਬਦ ਦੀ ਵਰਤੋਂ ਕੀਤੇ ਜਾਣ ਤੇ ਆਪਣਾ ਪੱਖ ਰੱਖਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸ਼ਬਦੀ ਦੀ ਵਰਤੋਂ ਮਲਵਈ ਜੀਵਨ ਵਿੱਚ ਆਮ ਹੀ ਕੀਤੀ ਜਾਂਦੀ ਹੈ। ਉਹ ਖੁਦ ਮਾਲਵਾ ਇਲਾਕੇ ਨਾਲ ਸਬੰਧਿਤ ਹਨ। ਇਸ ਕਰਕੇ ਇਹ ਸ਼ਬਦ ਨਿਕਲਣਾ ਆਮ ਜਿਹੀ ਗੱਲ ਹੈ। ਪੱਤਰਕਾਰਾਂ ਦੇ ਪੁੱਛੇ ਜਾਣ ਤੇ ਉਹਨਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਚਾਹੇ ਤਾਂ ਐਕਸ਼ਨ ਲੈ ਸਕਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਬਾਅਦ ਅਸਤੀਫਾ ਨਹੀਂ ਦੇਣਗੇ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਚਾਹੇ ਤਾਂ ਉਹਨਾਂ ਦਾ ਪੁਰਾਣਾ ਅਸਤੀਫਾ ਮਨਜ਼ੂਰ ਕਰ ਸਕਦੀ ਹੈ। ਅਕਾਲੀ ਲੀਡਰਾਂ ਨੂੰ ਸਜ਼ਾ ਦੇਣ ਦੇ ਫੈਸਲੇ ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਉਸ ਸਜ਼ਾ ਨੂੰ ਬਦਲਣ ਲਈ ਸਿੰਘ ਸਾਹਿਬਾਨ ਕੋਈ ਮੀਟਿੰਗ ਕਰਦੇ ਹਨ ਤਾਂ ਉਹ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ।
ਉਨ੍ਹਾਂ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਫੈਸਲੇ ’ਚ ਸ਼ਾਮਿਲ ਹੋਣਾ ਮੇਰਾ ਗੁਨਾਹ ਹੋ ਨਿੱਬੜਿਆ ਅਤੇ ਉਸ ਦੇ ਬਾਅਦ ਤੋਂ ਲਗਾਤਾਰ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ, ਮੇਰਾ ਪਰਿਵਾਰ ਪਿਛਲੇ 15 ਦਿਨਾਂ ਤੋਂ ਸੌਂ ਨਹੀਂ ਸਕਿਆ ਅਤੇ ਇਸ ਸਭ ਦੇ ਪਿੱਛੇ ਇਕ ਸਾਬਕਾ ਕਹਾਉਂਦਾ ਅਕਾਲੀ ਆਗੂ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।