ਅੱਜ ਤੋਂ ਸ਼ੁਰੂ ਹੋਵੇਗੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ

Global Team
4 Min Read

 ਸ੍ਰੀ ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਰਹੀ ਹੈ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 25 ਦਸੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 27 ਦਸੰਬਰ ਨੂੰ ਸਵੇਰੇ ਪਾਏ ਜਾਣਗੇ।  ਸ਼੍ਰੋਮਣੀ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਦੀ ਸਹੂਲਤ ਲਈ ਲਗਭਗ 100 ਮੁਫਤ ਬੱਸਾਂ ਤੇ ਈ. ਰਿਕਸ਼ਾ ਦਾ ਪ੍ਰਬੰਧ ਕੀਤਾ ਗਿਆ ਹੈ। 06 ਪੁੱਛਗਿੱਛ ਕੇਂਦਰ ਤੇ 05 ਰੈਣ ਬਸੇਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪਹਿਲੀ ਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਇੱਕ ਰੈਣ ਬਸੇਰਾ ਸਥਾਪਤ ਕੀਤਾ ਗਿਆ ਹੈ ਜਿਥੇ ਕਿ ਬਜ਼ੁਰਗ, ਔਰਤਾਂ ਤੇ ਬੱਚਿਆਂ ਦੇ ਆਰਾਮ ਕਰਨ ਲਈ ਪ੍ਰਬੰਧ ਕੀਤਾ ਗਿਆ ਹੈ।

ਅੱਜ ਸਵੇਰ ਤੋਂ ਹੀ ਕੜਕਦੀ ਠੰਢ ਦੇ ਬਾਵਜੂਦ ਫ਼ਤਹਿਗੜ੍ਹ ਸਾਹਿਬ ਨੂੰ ਮਿਲਦੀਆਂ ਸਾਰੀਆਂ ਸੜਕਾਂ ’ਤੇ ਹਜ਼ਾਰਾ ਸ਼ਰਧਾਲੂ ਨੰਗੇ ਪੈਰ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦੇ ਹੋਏ ਇਸ ਮਹਾਨ ਸਥਾਨ ਨੂੰ ਸਿਜਦਾ ਕਰਨ ਲਈ ਆ ਰਹੇ ਸਨ। ਇਸ ਮਹਾਨ ਧਰਤੀ ਨੂੰ ਮਿਲਦੀਆਂ ਸਾਰੀਆਂ ਹੀ ਸੜਕਾਂ ਉਪਰ ਸੰਗਤਾਂ ਵਲੋਂ ਥਾਂ-ਥਾਂ ’ਤੇ ਲੰਗਰ ਚਾਲੂ ਹੋ ਗਏ ਹਨ ਅਤੇ ਜ਼ਿਆਦਾਤਰ ਸਾਦੇ ਪਕਵਾਨ ਹੀ ਤਿਆਰ ਕੀਤੇ ਜਾ ਰਹੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ ਜਦੋਂ ਕਿ ਦੂਸਰੇ ਪਾਸੇ ਡੀਆਈਜੀ ਹਰਚਰਨ ਸਿੰਘ ਭੁੱਲਰ, ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸਨਰ ਡਾ.ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਵਲੋਂ ਸਾਰੇ ਪ੍ਰਬੰਧਾਂ ਦੀ ਖ਼ੁਦ ਦੇਖ-ਰੇਖ ਕੀਤੀ ਜਾ ਰਹੀ ਹੈ।

25 ਤੋਂ 28 ਦਸੰਬਰ ਤਕ ਦਿਨ-ਰਾਤ ਧਾਰਮਕ ਦੀਵਾਨ ਸਜਣਗੇ ਜਿਸ ਵਿਚ ਪੰਥਕ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਸਿਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸਾਹਿਬਾਨ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਗੇ, 26 ਦਸੰਬਰ ਦੀ ਰਾਤ ਨੂੰ 9 ਵਜੇ ਵਿਸ਼ੇਸ਼ ਕਵੀ ਸਮਾਗਮ ਹੋਵੇਗਾ, 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਪ੍ਰਾਰੰਭ ਹੋਵੇਗਾ ਜੋ 12 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁਜੇਗਾ, ਉਥੇ ਸੋਹਿਲਾ ਸਾਹਿਬ ਦੇ ਪਾਠ ਉਪਰੰਤ ਸਮਾਪਤੀ ਹੋਵੇਗੀ।

ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਨਿਰਵਿਘਨ ਆਵਾਜਾਈ ਲਈ ਪੂਰੇ ਸ਼ਹਿਰ ਨੂੰ ਵਨ ਵੇਅ ਟਰੈਫਿਕ ਜ਼ੋਨ ਬਣਾਇਆ ਗਿਆ ਹੈ ਤੇ ਸ਼ਹਿਰ ਦੇ ਚਾਰੇ ਪਾਸੇ ਪੈਂਦੀਆਂ ਪ੍ਰਮੁੱਖ ਸੜਕਾਂ ਤੇ ਮੁਫਤ ਪਾਰਕਿੰਗ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਮਾੜੇ ਅਨਸਰਾਂ ਤੇ ਤਿੱਖੀ ਨਜ਼ਰ ਰੱਖਣ ਲਈ ਸ਼ਹੀਦੀ ਸਭਾ ਦੇ ਸਮੁੱਚੇ ਏਰੀਏ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਬਣਾਏ ਜਾਣ ਵਾਲੇ 06 ਪੁਲਿਸ ਸਹਾਇਤਾ ਕੇਂਦਰ ਪੁਲਿਸ ਚੌਂਕੀ ਵਾਂਗ ਕੰਮ ਕਰਨਗੇ ਅਤੇ ਜੇਕਰ ਕਿਸੇ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਪੁਲਿਸ ਦੇ ਕਿਸੇ ਵੀ ਵਰਦੀਧਾਰੀ ਮੁਲਾਜ਼ਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment