ਭਲਕੇ ‘ਪੰਜਾਬ ਬੰਦ’ ਦੌਰਾਨ 4 ਘੰਟੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Global Team
2 Min Read

ਚੰਡੀਗੜ੍ਹ: 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਣੇ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ।

ਪੰਜਾਬ ਬੰਦ ਸੱਦੇ ਵਿਚ ਪਨਬੱਸ ਪੀਆਰਟੀਸੀ ਵਰਕਰ ਯੂਨੀਅਨ ਦੇ ਮੁਲਾਜ਼ਮ ਵੀ ਸ਼ਮੂਲੀਅਤ ਕਰਨਗੇ। ਅਜਿਹੇ ਵਿੱਚ ਪੂਰੇ ਪੰਜਾਬ ਵਿੱਚ ਕਰੀਬ ਚਾਰ ਘੰਟੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।  1125 ਬੱਸਾਂ ਦੇ ਪਹੀਏ ਪੂਰੀ ਤਰ੍ਹਾਂ ਜਾਮ ਹੋ ਜਾਣਗੇ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਸੜਕ ‘ਤੇ ਨਹੀਂ ਆਉਣਗੀਆਂ। ਪੰਜਾਬ ਬੰਦ ਨੂੰ ਲੈ ਕੇ ਯੂਨੀਅਨ ਦੀ ਮੀਟਿੰਗ ਹੋਈ ਹੈ। ਇਸ ਸੰਘਰਸ਼ ਲਈ ਰਣਨੀਤੀ ਬਣਾਈ ਗਈ ਹੈ। ਇਸ ਦੌਰਾਨ ਯੂਨੀਅਨ ਦੇ ਚੇਅਰਮੈਨ ਬਲਜਿੰਦਰ ਸਿੰਘ ਰਾਠ ਅਤੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਪਰ ਪੂਰੇ ਦਿਨ ਦੀ ਹੜਤਾਲ ਸੰਭਵ ਨਹੀਂ ਹੈ।ਅਸੀਂ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਇਸ ਕਾਰਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੀਆਰਟੀਸੀ ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਿਲ ਹਨ। ਵਿਭਾਗ ਵਿੱਚ ਕੁੱਲ ਮਿਲਾ ਕੇ ਤਿੰਨ ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਬੰਦ ਸਬੰਧੀ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 29 ਤਰੀਕ ਤੱਕ ਕੰਡਕਟਰ ਹਰ ਰੋਜ਼ ਬੱਸਾਂ ਵਿਚ ਟਿਕਟਾਂ ਕੱਟਣ ਤੋਂ ਪਹਿਲਾਂ ਲੋਕਾਂ ਨੂੰ ਬੰਦ ਬਾਰੇ ਜਾਣੂ ਕਰਵਾਉਣਗੇ ਤਾਂ ਜੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇਸ ਬਾਰੇ ਪਹਿਲਾਂ ਹੀ ਪਤਾ ਲੱਗ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment