ਭਵਾਨੀਗੜ੍ਹ : ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌ.ਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਆਖਰੀ ਸਾਹ ਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ, ਡਿਊਟੀ ‘ਤੇ ਤਾਇਨਾਤ ਐਸਐਸਐਫ਼ ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਮੁਲਾਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜ਼ਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋ ਕਿ ਜ਼ੇਰੇ ਇਲਾਜ ਹੈ। ਅਸੀਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਜਵਾਨ ਹਰਸ਼ਵੀਰ ਸਿੰਘ, ਜੋ ਕਿ ਬੁੱਧਵਾਰ ਰਾਤ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ। ਵਰਨਣਯੋਗ ਹੈ ਕਿ 25 ਸਾਲਾ ਕਾਂਸਟੇਬਲ ਹਰਸ਼ਵੀਰ ਸਿੰਘ ਵਾਸੀ ਦਸ਼ਮੇਸ਼ ਨਗਰ ਭਵਾਨੀਗੜ੍ਹ ਇਸ ਸਮੇਂ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਭਵਾਨੀਗੜ੍ਹ ਲਈ ਆਪਣੀਆਂ ਸੇਵਾਵਾਂ ਦੇ ਰਿਹਾ ਸੀ। ਬੀਤੀ ਰਾਤ ਜਦੋਂ ਹਰਸ਼ਵੀਰ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਐੱਸਐੱਸਐੱਫ ਦੀ ਗੱਡੀ ਵਿੱਚ ਬੈਠਾ ਬਾਲਦ ਕੈੰਚੀਆਂ ਵਿਖੇ ਡਿਊਟੀ ਕਰ ਰਿਹਾ ਸੀ ਤਾਂ ਸਮਾਣਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੇ ਚਾਲਕ ਜੋ ਕਿ ਨਸ਼ੇ ਵਿੱਚ ਧੁੱਤ ਸੀ ਨੇ ਲਾਪਰਵਾਹੀ ਨਾਲ ਆਪਣੀ ਕਾਰ ਐੱਸਐੱਸਐੱਫ ਦੀ ਗੱਡੀ ‘ਤੇ ਚੜ੍ਹਾ ਦਿੱਤੀ। ਇਸ ਹਾਦਸੇ ਦੌਰਾਨ ਡਰਾਈਵਰ ਸੀਟ ‘ਤੇ ਬੈਠਾ ਹਰਸ਼ਵੀਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਹਰਸ਼ਵੀਰ ਸ਼ੁਰੂ ਤੋਂ ਹੀ ਵੈਂਟੀਲੇਟਰ ‘ਤੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।