ਬਾਬਾ ਸਾਹਿਬ ਦੀ ਮੂਰਤੀ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ: CM ਮਾਨ

Global Team
3 Min Read

ਚੰਡੀਗੜ੍ਹ: ਗਣਤੰਤਰ ਦਿਵਸ ਦੀ ਦੁਪਹਿਰ ਇੱਕ ਨੌਜਵਾਨ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰ ਦਿੱਤਾ ਅਤੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾ ਦਿੱਤੀ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਨ੍ਹਾਂ ਨੇ ਨੌਜਵਾਨ ਨੂੰ ਫੜ ਲਿਆ। ਮਾਮਲਾ ਵਧਣ ‘ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਐਸਸੀ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਧਰਨਾ ਲਗਾ ਦਿੱਤਾ।

 ਅੰਮ੍ਰਿਤਸਰ ‘ਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਸੰਵਿਧਾਨ ਨੂੰ ਅੱਗ ਲਗਾਉਣ ਦੀ ਘਟਨਾ ਤੋਂ ਬਾਅਦ ਫਗਵਾੜਾ ਦੇ ਦਲਿਤ ਭਾਈਚਾਰੇ ‘ਚ ਗੁੱਸਾ ਫੈਲ ਗਿਆ ਹੈ। ਭਾਈਚਾਰੇ ਦੇ ਲੋਕਾਂ ਨੇ ਫਗਵਾੜਾ ਹਾਈਵੇ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਹੈ। ਧਰਨੇ ਦੀ ਸੂਚਨਾ ਮਿਲਦਿਆਂ ਹੀ ਐਸਪੀ ਰੁਪਿੰਦਰ ਕੌਰ ਭੱਟੀ ਨੇ ਮੌਕੇ ’ਤੇ ਪਹੁੰਚ ਕੇ ਧਰਨਾ ਦੇ ਰਹੇ ਲੋਕਾਂ ਨੂੰ ਸ਼ਾਂਤ ਕੀਤਾ, ਉਨ੍ਹਾਂ ਤੋਂ ਮੰਗ ਪੱਤਰ ਲੈ ਕੇ ਸੜਕੀ ਆਵਾਜਾਈ ਚਾਲੂ ਕਰਵਾਈ ਅਤੇ ਸਥਾਨਕ ਗੁਰੂ ਹਰਗੋਬਿੰਦ ਨਗਰ ਵਿੱਚ ਧਰਨਾ ਦੇਣ ਲਈ ਮਨਾ ਲਿਆ। ਦਲਿਤ ਆਗੂ ਯਸ਼ ਬਰਨਾ ਦੀ ਅਗਵਾਈ ਹੇਠ ਐਸਪੀ ਰੁਪਿੰਦਰ ਕੌਰ ਭੱਟੀ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਮੰਗ ਕੀਤੀ ਗਈ ਕਿ ਫਗਵਾੜਾ ਵਿੱਚ ਵੀ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਇਸ ਮੌਕੇ ਡੀਐਸਪੀ ਭਾਰਤ ਭੂਸ਼ਨ, ਐਸਐਚਓ ਸਿਟੀ ਅਮਨਦੀਪ ਨਾਹਰ, ਟਰੈਫਿਕ ਇੰਚਾਰਜ ਅਮਨ ਕੁਮਾਰ ਦੇਵੇਸ਼ਵਰ ਵੀ ਉਨ੍ਹਾਂ ਦੇ ਨਾਲ ਸਨ।

ਇਸ ਸਾਰੀ ਘਟਨਾ ਬਾਰੇ ਸੀਐਮ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।

CM ਮਾਨ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment