ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ 26 ਜਨਵਰੀ ਨੂੰ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਨੇ ਇਸ ਘਟਨਾ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਘਟਨਾ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਸੌਂਪੇਗੀ। ਯੂਪੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਡੀਜੀਪੀ, ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਪ੍ਰਧਾਨ ਲਾਲ ਸਿੰਘ ਆਰੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪਾਰਟੀ ਦੇ ਕੌਮੀ ਬੁਲਾਰੇ ਗੁਰੂ ਪ੍ਰਕਾਸ਼ ਪਾਸਵਾਨ, ਯੂਪੀ ਦੇ ਮੰਤਰੀ ਅਸੀਮ ਅਰੁਣ ਅਤੇ ਅੰਬਾਲਾ ਤੋਂ ਭਾਜਪਾ ਦੀ ਮਹਿਲਾ ਆਗੂ ਬੰਤੋ ਕਟਾਰੀਆ ਨੂੰ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਇਸ ਕਮੇਟੀ ਦਾ ਗਠਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕੀਤਾ ਹੈ। ਕਮੇਟੀ ਦੇ ਮੈਂਬਰ ਅੰਮ੍ਰਿਤਸਰ ਆ ਕੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ‘ਤੇ ਹਥੌੜੇ ਮਾਰਨ ਦੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਦੇ ਬੁੱਤ ‘ਤੇ ਚੜ੍ਹ ਕੇ ਭੰਨਤੋੜ ਕਰਨ, ਇਸ ਨੂੰ ਨੁਕਸਾਨ ਪਹੁੰਚਾਉਣ ਅਤੇ ਬੇਅਦਬੀ ਕਰਨ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ। ਆਮ ਆਦਮੀ ਪਾਰਟੀ ਨੇ ਵੀ ਸੂਬਾ ਸਰਕਾਰ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਮੁਲਜ਼ਮ ਅਕਾਸ਼ਦੀਪ ਸਿੰਘ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਦੇ ਰਿਮਾਂਡ ਵਿੱਚ ਪੰਜ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਅਕਾਸ਼ਦੀਪ ਨੇ ਪੁਲਿਸ ਪੁੱਛਗਿੱਛ ਦੌਰਾਨ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਮੁਲਜ਼ਮ ਦਾ ਦੁਬਈ ਵਿੱਚ ਮਾਈਂਡ ਵਾਸ਼ ਕੀਤਾ ਗਿਆ ਸੀ, ਜਿਸ ਤਹਿਤ ਉਸ ਨੂੰ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਲਈ ਅੰਮ੍ਰਿਤਸਰ ਭੇਜਿਆ ਗਿਆ ਸੀ। ਮੁਲਜ਼ਮ ਵੱਲੋਂ ਬਠਿੰਡਾ ਵਿੱਚ ਵੀ ਤਿਰੰਗਾ ਝੰਡਾ ਸਾੜਿਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਮੁਲਜ਼ਮ ਕੋਲੋਂ ਤਿਰੰਗਾ ਬਰਾਮਦ ਹੋਣਾ ਬਾਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।