ਰੱਦ ਹੋ ਸਕਦੀ ਹੈ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ! ਜਾਣੋ ਕੀ ਹੈ ਕਾਰਨ

Global Team
3 Min Read

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦੀ ਇਜਲਾਸ ‘ਚ ਸ਼ਮੂਲੀਅਤ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੇ ਪਾਰਲੀਮੈਂਟ ਦੇ ਚੱਲ ਰਹੇ ਬਜਟ ਇਜਲਾਸ ‘ਚ ਸ਼ਾਮਲ ਹੋਣ ਨੂੰ ਲੈ ਕੇ ਪਟੀਸ਼ਨ ਪਾਈ ਸੀ। ਅਗਲੀ ਸੁਣਵਾਈ ’ਤੇ ਸਰਕਾਰ ਕੋਰਟ ‘ਚ ਟੈਕਨੀਕਲ ਪੱਖ ਰੱਖੇਗੀ।

ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਉਹ ਜੇਲ੍ਹ ਤੋਂ ਬਾਹਰ ਆ ਕੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਜਦੋਂ ਤੋਂ ਅੰਮ੍ਰਿਤਪਾਲ ਐਮਪੀ ਚੁਣੇ ਗਏ ਹਨ ਉਦੋਂ ਤੋਂ ਲੈ ਕੇ ਹੁਣ ਤੱਕ ਉਹ ਸੰਸਦ ਦੀ ਇੱਕ ਵੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਏ। ਅੰਮ੍ਰਿਤਾਪਾਲ ਸਿੰਘ ਦੀਆਂ ਗ਼ੈਰਹਾਜ਼ਰੀਆਂ 46 ਹੋ ਚੁੱਕੀਆਂ ਹਨ, ਜੇਕਰ 60 ਤੋਂ ਵੱਧ ਦਿਨ ਸਦਨ ‘ਚ ਨਹੀਂ ਪਹੁੰਚੇ ਤਾਂ ਉਹਨਾਂ ਦੀ ਮੈਂਬਰਸ਼ਿਪ ਖਾਰਜ਼ ਵੀ ਹੋ ਸਕਦੀ ਹੈ। ਇਸ ਲਈ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ ਕਰਕੇ ਉਹਨਾਂ ਨੇ ਸੈਸ਼ਨ ‘ਚ ਸ਼ਾਮਲ ਹੋਣ ਲਈ ਰਾਹਤ ਮੰਗੀ ਹੈ। ਇਸ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਅੰਮ੍ਰਿਤਪਾਲ ਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ? ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕੋਈ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ‘ਚ ਕਿਹਾ ਹੈ ਕਿ ਅਸਾਮ ‘ਚ ਨਜ਼ਰਬੰਦੀ ਕਾਰਨ ਉਹ ਸੰਸਦ ਦੀ ਕਾਰਵਾਈ ‘ਚ ਸ਼ਾਮਲ ਨਹੀਂ ਹੋ ਪਾ ਰਹੇ ਹਨ। ਉਨ੍ਹਾਂ ਨੂੰ ਜ਼ਬਰਦਸਤੀ ਗੈਰ-ਹਾਜ਼ਰ ਰੱਖਿਆ ਜਾ ਰਿਹਾ ਹੈ। ਇਸ ਦਾ ਮਕਸਦ ਉਹਨਾਂ ਦੇ ਸੰਸਦੀ ਹਲਕੇ ਨੂੰ ਨੁਮਾਇੰਦਗੀ ਤੋਂ ਵਾਂਝਾ ਕਰਨਾ ਅਤੇ ਗੈਰਹਾਜ਼ਰੀ ਦੇ 60 ਦਿਨ ਪੂਰੇ ਹੋਣ ਤੋਂ ਬਾਅਦ ਉਹਨਾਂ ਦੀ ਸੀਟ ਖਾਲੀ ਹੋਣ ਦਾ ਐਲਾਨ ਕਰਨਾ ਹੈ।

ਇਸ ਦੇ ਨਾਂ ਸਿਰਫ਼ ਉਹਨਾਂ ਲਈ ਸਗੋਂ ਉਹਨਾਂ ਦੇ ਹਲਕੇ ਦੇ ਵੋਟਰਾਂ ਲਈ ਵੀ ਗੰਭੀਰ ਸਿੱਟੇ ਨਿਕਲ ਸਕਦੇ ਹਨ। ਅੰਮ੍ਰਿਤਪਾਲ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਇਜਾਜ਼ਤ ਵੀ ਮੰਗੀ ਹੈ, ਤਾਂ ਜੋ ਉਹ ਆਪਣੇ ਸੰਸਦੀ ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਦੇ ਮੁੱਦਿਆਂ ‘ਤੇ ਚਰਚਾ ਕਰ ਸਕਣ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਉਹ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਇਸ ਲਈ ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਰਾਬਤਾ ਕਾਇਮ ਕਰਨ ਦਾ ਪੂਰਾ ਅਧਿਕਾਰ ਹੈ।

ਵਕੀਲ ਰਾਹੀਂ ਦਰਜ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 60 ਦਿਨਾਂ ਤੱਕ ਸੰਸਦ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿਣ ਤੋਂ ਬਾਅਦ, ਉਹਨਾਂ ਦੀ ਸੀਟ ਨੂੰ ਖਾਲੀ ਘੋਸ਼ਿਤ ਕਰ ਦਿੱਤਾ ਜਾਵੇਗਾ ਅਤੇ ਮੁੜ ਚੋਣਾਂ ਕਰਵਾਈਆਂ ਜਾਣਗੀਆਂ। ਜਦਕਿ ਅਸਲੀਅਤ ਇਹ ਹੈ ਕਿ ਉਹਨਾਂ ਨੂੰ ਜ਼ਬਰਦਸਤੀ ਨਜ਼ਰਬੰਦ ਕੀਤਾ ਗਿਆ ਹੈ ਅਤੇ ਸੰਸਦ ਦੀ ਕਾਰਵਾਈ ਵਿਚ ਹਿੱਸਾ ਲੈਣ ਤੋਂ ਰੋਕਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਇਸ ਨੂੰ ਗੈਰਹਾਜ਼ਰੀ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਚੁੱਕਿਆ ਗਿਆ ਕਦਮ ਹੈ, ਜਿਸ ਕਾਰਨ ਪਟੀਸ਼ਨਕਰਤਾ ਨੂੰ ਸੰਸਦ ਤੋਂ ਦੂਰ ਰੱਖਿਆ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਆਪਣੀ ਦਲੀਲ ਵਿੱਚ ਇਹ ਵੀ ਕਿਹਾ ਹੈ ਕਿ ਅਜਿਹੀ ਕਾਰਵਾਈ ਸੰਸਦ ਦੀ ਬੇਅਦਬੀ ਦੇ ਦਾਇਰੇ ਵਿੱਚ ਆਉਂਦੀ ਹੈ।

Share This Article
Leave a Comment