ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਭਾਜਪਾ ਵਲੋਂ ਕੀਤੇ ਗਏ ਔਰਤਾਂ ਨੂੰ 2500 ਰੁਪਏ ਮਹੀਨੇਵਾਰ ਸਹਾਇਤਾ ਦੇਣ ਵਾਅਦੇ ‘ਤੇ ਚਰਚਾ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਬੈਠਕ ਲਈ ਸਮਾਂ ਮੰਗਿਆ ਹੈ। ਆਤਿਸ਼ੀ ਨੇ ਸ਼ਨੀਵਾਰ ਨੂੰ ਰੇਖਾ ਗੁਪਤਾ ਨੂੰ ਲਿਖੀ ਚਿੱਠੀ ਵਿਚ ਸਵਾਲ ਚੁੱਕਿਆ ਕਿ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਨੂੰ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਬੈਠਕ ਵਿਚ ਮਨਜ਼ੂਰੀ ਕਿਉਂ ਨਹੀਂ ਦਿੱਤੀ ਗਈ, ਜਦਕਿ ਪ੍ਰਧਾਨ ਮੰਤਰੀ ਨੇ ਇਕ ਚੋਣ ਰੈਲੀ ਵਿਚ ਇਸ ਦਾ ਵਾਅਦਾ ਕੀਤਾ ਸੀ।
ਪਿਛਲੀ ‘ਆਪ’ ਸਰਕਾਰ ਵਿਚ ਮੁੱਖ ਮੰਤਰੀ ਰਹੀ ਆਤਿਸ਼ੀ ਨੇ 23 ਫਰਵਰੀ ਨੂੰ ਆਪਣੇ ਪਾਰਟੀ ਵਿਧਾਇਕਾਂ ਨਾਲ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਆਤਿਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 31 ਜਨਵਰੀ ਨੂੰ ਦੁਆਰਕਾ ਵਿਚ ਇਕ ਚੋਣ ਰੈਲੀ ਵਿਚ ਦਿੱਲੀ ਦੀਆਂ ਮਾਵਾਂ-ਭੈਣਾਂ ਨਾਲ ਵਾਅਦਾ ਕੀਤਾ ਸੀ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਕੈਬਨਿਟ ਬੈਠਕ ਵਿਚ 2500 ਰੁਪਏ ਮਹੀਨੇਵਾਰ ਭੁਗਤਾਨ ਦੀ ਯੋਜਨਾ ਪਾਸ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀਆਂ ਜਿਨ੍ਹਾਂ ਔਰਤਾਂ ਨੇ ਮੋਦੀ ਦੀ ਗਾਰੰਟੀ ‘ਤੇ ਭਰੋਸਾ ਕੀਤਾ, ਉਹ ਠੱਗਿਆ ਹੋਇਆ ਮਹਿਸੂਸ ਕਰ ਰਹੀਆਂ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਭਾਜਪਾ ਨੇਤਾਵਾਂ ਨੇ ਕਿਹਾ ਕਿ ਪਾਰਟੀ ਵਲੋਂ ਕੀਤੇ ਗਏ ਵਾਅਦੇ ਮੁਤਾਬਕ ਯੋਜਨਾ ਮਾਰਚ ਤੋਂ ਲਾਗੂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।