ਜਲੰਧਰ: ਜਲੰਧਰ ਵਿੱਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ 271 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਨੋਟਿਸ ਉਨ੍ਹਾਂ ਟਰੈਵਲ ਏਜੰਟਾਂ ਨੂੰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਮਿਆਦ ਖਤਮ ਹੋਣ ਤੋਂ ਬਾਅਦ ਵੀ ਆਪਣੇ ਲਾਇਸੈਂਸ ਰੀਨਿਊ ਨਹੀਂ ਕਰਵਾਏ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ. ਨੂੰ ਉਨ੍ਹਾਂ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਕੰਸਲਟੈਂਟਸ ਦੇ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਥਿਤ ਦਫ਼ਤਰਾਂ ਵਿੱਚ ਮੌਜੂਦ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਅਣ-ਅਧਿਕਾਰਤ ਟਰੈਵਲ ਏਜੰਟ ਵੱਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਕੀਤੀ ਜਾ ਰਹੀ ਧੋਖਾਧੜੀ ਦੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਡਾ: ਅਗਰਵਾਲ ਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਜਦੋਂ ਵੀ ਕਿਸੇ ਟਰੈਵਲ ਏਜੰਟ ਵਿਰੁੱਧ ਕੋਈ ਕੇਸ ਦਰਜ ਹੁੰਦਾ ਹੈ ਤਾਂ ਉਸ ਸਬੰਧੀ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਟਰੈਵਲ ਏਜੰਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਦਾ ਰਿਕਾਰਡ ਸਹੀ ਢੰਗ ਨਾਲ ਰੱਖਣ ਅਤੇ ਕੋਈ ਵੀ ਟਰੈਵਲ ਏਜੰਟ, ਇਮੀਗ੍ਰੇਸ਼ਨ ਸਲਾਹਕਾਰ ਅਧੂਰੇ ਦਸਤਾਵੇਜ਼ਾਂ ਦੀ ਮਦਦ ਨਾਲ ਕੰਮ ਨਾ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਅਧਿਕਾਰਤ ਢੰਗ ਨਾਲ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਹਮੇਸ਼ਾ ਕਾਨੂੰਨੀ ਰਾਹ ਅਪਣਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਲਈ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਸਲਾਹਕਾਰਾਂ ਨਾਲ ਹੀ ਸੰਪਰਕ ਕੀਤਾ ਜਾਵੇ, ਜਿਨ੍ਹਾਂ ਦੀ ਸੂਚੀ www.jalandhar.nic.in ਅਤੇ www.emigrate.gov.in ਵੈੱਬਸਾਈਟਾਂ ‘ਤੇ ਉਪਲਬਧ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।