ਚੰਡੀਗੜ੍ਹ: ਪਨਬੱਸ-ਪੀ.ਆਰ.ਟੀ.ਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਨੇ ਫਿਲਹਾਲ 24 ਫਰਵਰੀ ਨੂੰ ਸੂਬੇ ਭਰ ਦੇ ਬੱਸ ਸਟੈਂਡ ਬੰਦ ਕਰਨ ਦਾ ਆਪਣਾ ਐਕਸ਼ਨ ਪਲਾਨ ਵਾਪਸ ਲੈ ਲਿਆ ਹੈ। ਯੂਨੀਅਨ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਇੱਕ ਹੋਰ ਮੌਕਾ ਦੇ ਰਹੇ ਹਨ ਕਿਉਂਕਿ ਅਧਿਕਾਰੀਆਂ ਨੇ ਐਤਵਾਰ ਛੁੱਟੀ ਵਾਲੇ ਦਿਨ ਵਿਸ਼ੇਸ਼ ਮੀਟਿੰਗ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਧਰ, ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਅਤੇ ਬਦਲਾਅ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ ਬੱਸ ਅੱਡੇ ਬੰਦ ਕਰਨਗੇ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਬਣੀ ਨੂੰ 3 ਸਾਲ ਹੋ ਗਏ ਹਨ ਪਰ ਅੱਜ ਤੱਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਅਧਿਕਾਰੀਆਂ ਅਤੇ ਆਗੂਆਂ ਨਾਲ ਕਈ ਸਮਝੌਤਿਆਂ ਦੇ ਬਾਵਜੂਦ ਪਨਬੱਸ-ਪੀ.ਆਰ.ਟੀ.ਸੀ ਦੀਆਂ ਮੰਗਾਂ ਨੂੰ ਲੈ ਕੇ ਟਾਲ-ਮਟੋਲ ਕੀਤਾ ਜਾਂਦਾ ਹੈ। ਜਿਸ ਕਾਰਨ ਯੂਨੀਅਨ ਨੂੰ ਵਾਰ-ਵਾਰ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।
ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਯੂਨੀਅਨ ਵੱਲੋਂ 24 ਫਰਵਰੀ ਨੂੰ ਬੱਸ ਸਟੈਂਡ ਬੰਦ ਕਰਨ ਸਮੇਤ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਦੇਣ ਦੀ ਯੋਜਨਾ ਬਣਾਈ ਗਈ ਸੀ ਪਰ ਅਚਾਨਕ ਸੱਦੀ ਗਈ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲਦੀ ਹੀ ਲੋੜੀਂਦੇ ਕਦਮ ਚੁੱਕੇ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।