ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਸਰਕਾਰ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ ਕਿਸਾਨ ਵਿਰੋਧੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਖ਼ਿਲਾਫ਼ ਵਿਧਾਨ ਸਭਾ ਵਿੱਚ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇਸ ਨੀਤੀ ਵਿਰੁੱਧ ਮਤਾ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਦੱਸ ਦਈਏ ਕਿ ਸਰਕਾਰ ‘ਤੇ ਪਹਿਲਾਂ ਹੀ ਖੇਤੀ ਮੰਡੀਕਰਨ ਨੀਤੀ ਵਿਰੁੱਧ ਮਤਾ ਪਾਸ ਕਰਨ ਦਾ ਦਬਾਅ ਸੀ। ਕਿਸਾਨ ਜਥੇਬੰਦੀਆਂ ਵੱਲੋਂ ਇਸ ਖਰੜੇ ਨੂੰ ਵਿਧਾਨ ਸਭਾ ਵਿੱਚ ਲਿਆਉਣ ਅਤੇ ਰੱਦ ਕਰਨ ਦੀ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ। ਵਿਰੋਧੀ ਧਿਰ ਨੇ ਵੀ ਇਸ ਨੂੰ ਮੁੱਦਾ ਬਣਾਇਆ ਸੀ, ਜਿਸ ਨੂੰ ਸਰਕਾਰ ਕਿਸੇ ਵੀ ਕੀਮਤ ‘ਤੇ ਖਤਮ ਕਰਨਾ ਚਾਹੁੰਦੀ ਹੈ। ਕਿਸਾਨ ਵਿਧਾਨ ਸਭਾ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਜਿਸ ਖ਼ਿਲਾਫ਼ ਕਿਸਾਨਾਂ ਨੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪੱਕੇ ਮੋਰਚੇ ਦੀ ਚੇਤਾਵਨੀ ਵੀ ਦਿੱਤੀ ਹੈ। ਦੇਸ਼ ਭਰ ਦੇ ਕਿਸਾਨਾਂ ਨੇ 5 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਨੀਤੀ ਵਿੱਚ ਨਿੱਜੀਕਰਨ ਨੂੰ ਬੜ੍ਹਾਵਾ ਦਿੱਤਾ ਗਿਆ ਹੈ। ਕਿਸਾਨਾਂ ਦੇ ਪੱਖ ਤੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਿਲੋਜ਼ ਅਤੇ ਕੋਲਡ ਸਟੋਰਾਂ ਨੂੰ ਮਾਰਕੀਟ ਯਾਰਡਾਂ ਵਿੱਚ ਤਬਦੀਲ ਕਰਨਾ ਮਨਜ਼ੂਰ ਨਹੀਂ ਹੈ, ਕਿਉਂਕਿ ਇਹ ਗੱਲਾਂ ਨੀਤੀ ਵਿੱਚ ਸ਼ਾਮਲ ਹਨ। ਇਸ ਨਾਲ ਸੂਬੇ ਦੀ ਮੌਜੂਦਾ ਮੰਡੀ ਪ੍ਰਣਾਲੀ ਖਤਮ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।