ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਸਿਆਸੀ ਧਿਰ) ਨੇ ਅੱਜ ਐਲਾਨ ਕੀਤਾ ਕਿ 5 ਮਾਰਚ ਤੋਂ ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। 4 ਮਾਰਚ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨਗੇ, ਜਦਕਿ 5 ਮਾਰਚ ਤੋਂ ਇਹ ਪ੍ਰਦਰਸ਼ਨ ਸ਼ੁਰੂ ਹੋਵੇਗਾ। ਇਹ ਅੰਦੋਲਨ ਇੱਕ ਹਫ਼ਤੇ ਤੱਕ ਜਾਰੀ ਰਹੇਗਾ, ਜਿਸ ਤੋਂ ਬਾਅਦ ਕਿਸਾਨ ਮੋਰਚਾ ਅੱਗੇ ਦੀ ਰਣਨੀਤੀ ਬਾਰੇ ਫੈਸਲਾ ਲਏਗਾ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਕੀਤੀ, ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਦੋ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪਹਿਲਾ ਜਲ ਖੋਜ ਐਕਟ ਸਬੰਧੀ ਸੀ, ਜਿਸ ‘ਤੇ ਕਿਸਾਨ ਆਗੂਆਂ ਨੇ ਗੰਭੀਰ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਮੁਤਾਬਕ ਇਹ ਕਾਨੂੰਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕੇਂਦਰ ਦੇ ਅਧੀਨ ਕਰਨ ਦੀ ਕੋਸ਼ਿਸ਼ ਹੈ, ਜਿਸ ਨਾਲ ਪੰਜਾਬ ਦੇ ਅਧਿਕਾਰ ਕਮਜ਼ੋਰ ਹੋਣਗੇ। ਕਿਸਾਨ ਮੋਰਚਾ ਨੇ ਇਸ ਐਕਟ ਨੂੰ ਪੰਜਾਬ ਦੀ ਖ਼ੁਦਮੁਖ਼ਤਿਆਰੀ ‘ਤੇ ਹਮਲਾ ਦੱਸਦੇ ਹੋਏ, ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਦੂਜਾ ਮੁੱਦਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP 2020) ਨਾਲ ਸਬੰਧਤ ਸੀ। ਕਿਸਾਨ ਮੋਰਚੇ ਨੇ ਇਸ ਨੀਤੀ ਨੂੰ ਰਾਜਾਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ NEP 2020 ‘ਚ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਨਿਯੁਕਤੀ, ਪਾਠਕ੍ਰਮ ਨਿਰਧਾਰਨ ਅਤੇ ਹੋਰ ਸ਼ਕਤੀਆਂ ਕੇਂਦਰ ਦੇ ਅਧੀਨ ਆ ਜਾਂਦੀਆਂ ਹਨ, ਜੋ ਰਾਜਾਂ ਦੀ ਖ਼ੁਦਮੁਖ਼ਤਿਆਰੀ ਨੂੰ ਖ਼ਤਮ ਕਰਣ ਦੀ ਕੋਸ਼ਿਸ਼ ਹੈ। ਇਹ ਨੀਤੀ ਪੰਜਾਬ ਦੀ ਭਾਸ਼ਾਈ ਵਿਭਿੰਨਤਾ ਅਤੇ ਸਿੱਖਿਆ ‘ਤੇ ਨੁਕਸਾਨਦਾਇਕ ਪ੍ਰਭਾਵ ਪਾਵੇਗੀ।
ਇਸ ਦੇ ਨਾਲ, ਕਿਸਾਨ ਮੋਰਚੇ ਨੇ BKU ਤੋਤੇਵਾਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਵਿਰੁੱਧ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ FIR ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਵਿਸ਼ਤ੍ਰਿਤ ਜਾਂਚ ਕਰੇਗੀ।
ਸੀਐਮ ਭਗਵੰਤ ਮਾਨ ਵੱਲੋਂ 3 ਮਾਰਚ ਨੂੰ ਮੀਟਿੰਗ ਦਾ ਬੁਲਾਵਾ
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਨੂੰ ਚੰਡੀਗੜ੍ਹ ‘ਚ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 4 ਵਜੇ ਹੋਵੇਗੀ, ਜਿਸ ‘ਚ SKM ਵੱਲੋਂ ਚਲਾਏ ਜਾ ਰਹੇ ਵਿਰੋਧ ਪ੍ਰਦਰਸ਼ਨ ਅਤੇ ਮੁੱਖ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
5 ਮਾਰਚ ਤੋਂ ਸ਼ੁਰੂ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਦੌਰਾਨ, ਕਿਸਾਨ ਪੰਜਾਬ ਸਰਕਾਰ ‘ਤੇ ਦਬਾਅ ਬਣਾਉਣਗੇ ਕਿ ਉਹ ਜਲ ਖੋਜ ਐਕਟ ਅਤੇ NEP 2020 ਬਾਰੇ ਠੋਸ ਕਦਮ ਚੁੱਕੇ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ, ਤਾਂ ਸੰਯੁਕਤ ਕਿਸਾਨ ਮੋਰਚਾ ਆਪਣਾ ਅੰਦੋਲਨ ਹੋਰ ਤੀਬਰ ਕਰੇਗਾ।