ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸਪੀਕਰ ਨੇ ਵਿਸ਼ੇਸ਼ ਸੈਸ਼ਨ ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਸ਼ੋਕ ਮਤਾ ਪਾਸ ਕੀਤਾ। ਇਸ ਤੋਂ ਬਾਅਦ ਸਦਨ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਜਦੋਂ ਸਦਨ ਮੁੜ ਸ਼ੁਰੂ ਹੋਇਆ, ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀਬੀਐਮਬੀ ਦੁਆਰਾ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਪ੍ਰਸਤਾਵ ਪੇਸ਼ ਕੀਤਾ। ਡੈਮ ਸੇਫਟੀ ਐਕਟ – 2021 ਨੂੰ ਰੱਦ ਕਰਨ ਦਾ ਪ੍ਰਸਤਾਵ ਸਦਨ ਵਿੱਚ ਪੇਸ਼ ਕੀਤਾ ਗਿਆ। ਸਦਨ ਦੀ ਕਾਰਵਾਈ ਦੌਰਾਨ ਰਾਜਪਾਲ ਦੇ ਡੱਬੇ ਵਿੱਚ ਸੰਸਦ ਮੈਂਬਰ ਅਮਰਿੰਦਰ ਸਿੰਘ, ਮਾਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮੰਤਰੀ ਗੋਇਲ ਨੇ ਕਿਹਾ ਕਿ ਹਰਿਆਣਾ ਨੂੰ ਪੀਣ ਲਈ 1700 ਕਿਊਸਿਕ ਪਾਣੀ ਦੀ ਲੋੜ ਹੈ। ਅਸੀਂ ਉਨ੍ਹਾਂ ਨੂੰ 4000 ਕਿਊਸਿਕ ਦਿੱਤਾ ਅਤੇ ਹੁਣ ਉਹ ਹੋਰ ਪਾਣੀ ਦੀ ਮੰਗ ਕਰ ਰਹੇ ਹਨ। ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਦਨ ਇਹ ਫੈਸਲਾ ਲੈਂਦਾ ਹੈ ਪੰਜਾਬ ਆਪਣੇ ਹਿੱਸੇ ਦਾ ਇਕ ਬੂੰਦ ਪਾਣੀ ਵੀ ਨਹੀਂ ਦੇ ਸਕਦਾ। ਹਰਿਆਣਾ ਨੂੰ 4000 ਕਿਊਸਿਕ ਪਾਣੀ ਜਾਰੀ ਰੱਖਿਆ ਜਾਵੇਗਾ। ਇਸ ਪ੍ਰਸਤਾਵ ਉੱਤੇ ਸਦਨ ਵਿੱਚ ਬਹਿਸ ਜਾਰੀ ਹੈ।
ਪਿਛਲੇ ਕੁਝ ਦਿਨਾਂ ਤੋਂ ਭਾਰਤੀ ਜਨਤਾ ਪਾਰਟੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਦੇ ਜਰੀਏ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਗੈਰ-ਸੰਵਧਾਨਿਕ ਅਤੇ ਗੈਰਕਾਨੂੰਨੀ ਢੰਗਾਂ ਨਾਲ ਮੀਟਿੰਗ ਬੁਲਾ ਕੇ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਿਆਣਾ ਆਪਣੇ ਹਿੱਸੇ ਦਾ ਸਾਰਾ ਪਾਣੀ 31 ਮਾਰਚ ਤੱਕ ਵਰਤ ਚੁੱਕਾ ਹੈ। ਹੁਣ ਬੀਜੇਪੀ ਚਾਹੁੰਦੀ ਹੈ ਕਿ ਪੰਜਾਬ ਦੇ ਹੱਕ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ।
ਪਿਛਲੇ 3 ਸਾਲ ‘ਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਖੇਤ ‘ਚ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਬਹੁਤ ਵੱਡੇ ਪੱਧਰ ‘ਤੇ ਨਹਿਰਾਂ ਅਤੇ ਖਾਲਿਆਂ ਦੀ ਉਸਾਰੀ ਕੀਤੀ ਗਈ ਹੈ। ਸਾਲ 2021 ਤੱਕ ਪੰਜਾਬ ਦੇ ਸਿਰਫ 22% ਰਕਬੇ ਨੂੰ ਨਹਿਰੀ ਪਾਣੀ ਰਾਹੀਂ ਸਿੰਜਿਆ ਜਾਂਦਾ ਸੀ, ਪਰ ਅੱਜ ਪੰਜਾਬ ਵਿੱਚ 60% ਰਕਬੇ ਵਿੱਚ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਦੇ ਪਾਣੀ ਦੀ ਇੱਕ-ਇੱਕ ਬੂੰਦ ਪੰਜਾਬ ਲਈ ਕੀਮਤੀ ਹੈ। ਪੰਜਾਬ ਹੁਣ ਕਿਸੇ ਹੋਰ ਰਾਜ ਨੂੰ ਆਪਣੇ ਹਿੱਸੇ ਦਾ ਪਾਣੀ ਨਹੀਂ ਦੇਵੇਗਾ। ਹਰਿਆਣਾ ਰਾਜ ਨੇ 6 ਅਪ੍ਰੈਲ, 2025 ਨੂੰ ਪੰਜਾਬ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਪੀਣ ਲਈ ਪਾਣੀ ਦੀ ਲੋੜ ਹੈ। ਪੰਜਾਬ ਨੇ ਵੱਡਾ ਦਿਲ ਦਿਖਾਉਂਦੇ ਹੋਏ ਹਰਿਆਣਾ ਰਾਜ ਨੂੰ ਆਪਣੇ ਹਿੱਸੇ ਵਿੱਚੋਂ 4000 ਕਿਊਸਿਕ ਪਾਣੀ ਦੇ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿੱਖਿਆ ਦਿੱਤੀ ਹੈ ਕਿ ਕਿਸੇ ਵੀ ਪਿਆਸੇ ਨੂੰ ਪਾਣੀ ਦੇਣਾ ਇੱਕ ਬਹੁਤ ਵੱਡਾ ਪੁੰਨ ਦਾ ਕੰਮ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।