ਬਠਿੰਡਾ : ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਤਣਾਅਪੂਰਨ ਹਾਲਾਤਾਂ ਨੂੰ ਦੇਖਦਿਆਂ ਸੂਬੇ ਦੇ ਸਰਹੱਦੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਦੇਸ਼ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਖ਼ਾਲੀ ਹੋ ਚੁੱਕੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਜਾਵੇ।
ਹਕੀਕਤ ਵਿੱਚ, ਭਾਰਤ-ਪਾਕਿਸਤਾਨ ਵਿਚਾਲੇ ਚਲ ਰਹੇ ਤਣਾਅ ਕਰਕੇ ਸਰਹੱਦੀ ਇਲਾਕਿਆਂ ਦੇ ਕਈ ਪਿੰਡ ਖ਼ਾਲੀ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਹੋਏ ਹਨ। ਜੱਥੇਦਾਰ ਸਿੰਘ ਸਾਹਿਬ ਨੇ ਦੱਸਿਆ ਕਿ ਸਰਹੱਦੀ ਖੇਤਰਾਂ ਦੀਆਂ ਸਿੱਖ ਜੱਥੇਬੰਦੀਆਂ ਨੂੰ ਵੀ ਇਸ ਕਾਰਜ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਰਹੱਦੀ ਇਲਾਕਿਆਂ ਦੇ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਸੁਨਿਸ਼ਚਿਤ ਕੀਤੀ ਜਾਵੇ ਅਤੇ ਇਨ੍ਹਾਂ ਸਥਾਨਾਂ ‘ਤੇ ਕੋਈ ਹਮਲਾ ਨਾ ਹੋਵੇ ਕਿਉਂਕਿ ਇਹ ਧਾਰਮਿਕ ਮਾਮਲਾ ਹੈ। ਨਾਲ ਹੀ ਉਨ੍ਹਾਂ ਨੇ ਹਾਲ ਹੀ ਵਿੱਚ ਪੁੰਛ ਵਿਖੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਨਿੰਦਾ ਵੀ ਕੀਤੀ।