ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਜੰਗੀ ਤਣਾਅ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜੰਗ ਦੀ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ ਅਤੇ ਇਸ ਦੇ ਵਿਨਾਸ਼ਕਾਰੀ ਨਤੀਜੇ ਹੋ ਸਕਦੇ ਹਨ, ਖਾਸ ਤੌਰ ‘ਤੇ ਇਰਾਨ ਵਿੱਚ ਸਥਿਤ ਸਿੱਖ ਧਾਰਮਿਕ ਅਸਥਾਨਾਂ ਲਈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਰਾਨ ਵਿੱਚ ਕਈ ਗੁਰਦੁਆਰੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸਥਾਪਿਤ ਹਨ। ਜੰਗ ਦੌਰਾਨ ਇਨ੍ਹਾਂ ਦੀ ਤਬਾਹੀ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਇਰਾਨ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਜੰਗ ਪ੍ਰਭਾਵਿਤ ਖੇਤਰਾਂ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਤੁਰੰਤ ਤਬਦੀਲ ਕਰੇ।
ਧਾਮੀ ਨੇ ਇਰਾਨ ਦੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਜਿੱਥੇ ਵੀ ਗੁਰਦੁਆਰੇ ਹਨ, ਉਥੇ ਸੰਪਰਕ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦਾ ਪ੍ਰਬੰਧ ਕਰਨ।
ਉਨ੍ਹਾਂ ਨੇ ਕਿਹਾ ਕਿ ਜੰਗ ਕਿਸੇ ਵੀ ਧਾਰਮਿਕ ਸਥਾਨ ਦੀ ਪਰਵਾਹ ਨਹੀਂ ਕਰਦੀ। ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਸੁਰੱਖਿਆ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ। ਇਹ ਸਾਡੀ ਸਮੁੱਚੀ ਜ਼ਿੰਮੇਵਾਰੀ ਹੈ।
ਉਨ੍ਹਾਂ ਭਾਰਤ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜੰਗ ਪ੍ਰਭਾਵਿਤ ਇਲਾਕਿਆਂ ਵਿੱਚ ਸਿੱਖ ਧਾਰਮਿਕ ਅਸਥਾਨਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।