ਬਟਾਲਾ: ਬਟਾਲਾ ਦੇ ਕਾਦੀਆਂ ਰੋਡ ‘ਤੇ ਵੀਰਵਾਰ ਰਾਤ 9:30 ਵਜੇ ਦੇ ਲਗਭਗ ਇੱਕ ਭਿਆਨਕ ਗੋਲੀਬਾਰੀ ਦੀ ਘਟਨਾ ਵਾਪਰੀ। ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸ ਦੇ ਰਿਸ਼ਤੇਦਾਰ ਕਰਨਵੀਰ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ, ਦੋਵੇਂ ਜਣੇ ਇੱਕ ਕਾਰ ਵਿੱਚ ਸਫਰ ਕਰ ਰਹੇ ਸਨ ਜਦੋਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾਈਆਂ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲੇ ਦਾ ਮੁੱਖ ਨਿਸ਼ਾਨਾ ਕਰਨਵੀਰ ਸੀ। ਗੋਲੀਆਂ ਲੱਗਣ ਕਾਰਨ ਕਰਨਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਰਜੀਤ ਕੌਰ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਮਲਾਵਰ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ ਗੈਂਗ ਵਾਰ ਨਾਲ ਜੁੜੀ ਹੋ ਸਕਦੀ ਹੈ, ਕਿਉਂਕਿ ਜੱਗੂ ਭਗਵਾਨਪੁਰੀਆ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮ ਰਿਹਾ ਹੈ ਅਤੇ ਉਸ ਦੀਆਂ ਕਈ ਵਿਰੋਧੀ ਗੈਂਗਾਂ ਨਾਲ ਝੜਪਾਂ ਹੋਈਆਂ ਹਨ।
ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ
ਬੰਬੀਹਾ ਗੈਂਗ ਦੇ ਮੈਂਬਰ ਡੋਨੀ ਬੱਲ, ਬਿੱਲਾ ਮਾਂਗਾ, ਪ੍ਰਭ ਦਾਸੂਵਾਲ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਰਨਵੀਰ ਜੱਗੂ ਭਗਵਾਨਪੁਰੀਆ ਦੇ ਅਪਰਾਧਿਕ ਕੰਮਾਂ ਨੂੰ ਸੰਭਾਲਦਾ ਸੀ ਅਤੇ ਇਹ ਕਤਲ ਉਨ੍ਹਾਂ ਦੇ ਸਾਥੀ ਗੋਰੇ ਬਰਿਆਰ ਦੀ ਮੌਤ ਦਾ ਬਦਲਾ ਲੈਣ ਲਈ ਕੀਤੀ ਗਈ। ਹਾਲਾਂਕਿ, ਅਧਿਕਾਰਤ ਸਰੋਤਾਂ ਨੇ ਇਸ ਸੋਸ਼ਲ ਮੀਡੀਆ ਪੋਸਟ ਦੀ ਪੁਸ਼ਟੀ ਨਹੀਂ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।