ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਅਹਿਮ ਕਦਮ ਚੁੱਕਦਿਆਂ ਸਾਬਕਾ ਕਾਂਗਰਸ ਸਰਕਾਰ ਦੇ ਭਾਖੜਾ ਡੈਮ ’ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ 2021 ਦੇ ਫੈਸਲੇ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਚੰਨੀ ਸਰਕਾਰ ਦੇ ਫੈਸਲੇ ਨੂੰ ਪਲਟਿਆ
ਮੰਤਰੀ ਮੰਡਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 23 ਜੁਲਾਈ 2021 ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਮੀਟਿੰਗ ਵਿੱਚ ਇਹ ਵੀ ਤੈਅ ਕੀਤਾ ਗਿਆ ਕਿ ਇਸ ਤਾਇਨਾਤੀ ਦੀ ਸਖ਼ਤ ਵਿਰੋਧਤਾ ਕਰਨ ਲਈ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਮਤਾ ਪਾਸ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਫੋਰਸ ਦੀ ਤਾਇਨਾਤੀ ਲਈ ਇੱਕ ਪੈਸਾ ਵੀ ਨਹੀਂ ਦੇਵੇਗੀ। ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਕਾਂਗਰਸ ਸਰਕਾਰ ਨੇ ਸੀ.ਆਈ.ਐਸ.ਐਫ. ਨੂੰ ਮਨਜ਼ੂਰੀ ਦੇ ਕੇ ਪੰਜਾਬ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਇਆ। ਮੰਤਰੀ ਮੰਡਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਕੋਲ ਸਰਹੱਦੀ ਸੂਬੇ ਦੀ ਸੁਰੱਖਿਆ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਇਹ ਕਾਨੂੰਨ ਵਿਵਸਥਾ ਨੂੰ ਪੁਖਤਾ ਢੰਗ ਨਾਲ ਕਾਇਮ ਰੱਖ ਸਕਦੀ ਹੈ। ਮੰਤਰੀ ਮੰਡਲ ਨੇ ਹੈਰਾਨੀ ਜਤਾਈ ਕਿ ਜਦੋਂ ਪੰਜਾਬ ਪੁਲਿਸ ਇੰਨੀ ਸਮਰੱਥ ਹੈ, ਤਾਂ ਡੈਮ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਦੀ ਕੀ ਲੋੜ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।