ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਨੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਕਰ ਕੇ ਪਿਛਲੇ ਸਮੇਂ ਵਿਚ ਅਪਣੇ ਵਲੋਂ ਇਕ-ਦੂਜੇ ਵਿਰੁਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ ਐਲਾਨ ਕੀਤਾ ਹੈ।
ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਵਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿਚ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਨ ਕਰਦਿਆਂ ਤਖ਼ਤ ਦੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ਾਂ ਬਾਰੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਇਲਾਵਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਦੀ ਅਗਵਾਈ ਵਿਚ ਵੀ ਪੰਜ ਸਿੰਘ ਸਾਹਿਬਾਨ ਵਲੋਂ ਇੱਕਤਰਤਾ ਕੀਤੀ ਗਈ ਹੈ, ਜਿਸ ਉਪਰੰਤ ਉਨ੍ਹਾਂ ਵਲੋਂ ਭੇਜੇ ਗਏ ਪੱਤਰ ਅਨੁਸਾਰ ਉਥੋਂ ਦੇ ਪੰਜ ਸਿੰਘ ਸਾਹਿਬਾਨ ਵਲੋਂ ਵੀ ਜਾਰੀ ਆਦੇਸ਼ਾਂ ਨੂੰ ਵਾਪਿਸ ਲੈ ਲਿਆ ਗਿਆ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਹੁਣ ਇਹ ਵਿਵਾਦ ਸਮਾਪਤ ਹੋ ਗਿਆ ਹੈ।
ਇਸਦੇ ਨਾਲ ਹੀ ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਬਕਾਇਆ ਸੇਵਾ ਫਲ ਦੇ ਮਾਮਲੇ ਦੇ ਵਿਵਾਦ ਨੂੰ ਜਲਦੀ ਹੱਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਗਿਆਨੀ ਗੌਹਰ ਨੂੰ ਵੀ ਆਦੇਸ਼ ਕੀਤਾ ਕਿ ਉਹ ਇਸ ਸਬੰਧੀ ਮੀਡੀਆ ਜਾਂ ਸੋਸ਼ਲ ਮੀਡੀਆ ਵਿਚ ਕੋਈ ਬਿਆਨਬਾਜ਼ੀ ਨਹੀਂ ਕਰਨਗੇ।