ਡਾ. ਰਵਜੋਤ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।

ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਤੇ ਆਗਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ‘ਚ ਸੁਣਨ ਉਪਰੰਤ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਸਾਰਥਕ ਹੱਲ ਕੀਤਾ ਜਾਵੇਗਾ।

ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜੋ ਮੰਗਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹਨ, ਨੂੰ ਭੇਜ ਕੇ ਇੱਕ ਸਾਂਝੀ ਮੀਟਿੰਗ ਰੱਖੀ ਜਾਵੇ ਤਾਂ ਜੋ ਵਿਭਿੰਨ ਮੰਗਾਂ ਦਾ ਸਾਰਥਕ ਹੱਲ ਕੱਢਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵੱਖ-ਵੱਖ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਸੂਬਾ ਸਰਕਾਰ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਛੇਤੀ ਅਮਲ ਵਿੱਚ ਲਿਆਂਦੀ ਜਾਵੇਗੀ।

Share This Article
Leave a Comment