ਡੀਗੜ੍ਹ: ਆਮ ਆਦਮੀ ਪਾਰਟੀ (AAP) ਦੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਹੈ। ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝੀ ਕੀਤੀ।
ਅਨਮੋਲ ਗਗਨ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ, “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।”
2022 ਵਿੱਚ ਪਹਿਲੀ ਵਾਰ ਜਿੱਤੀ ਸੀ ਵਿਧਾਨ ਸਭਾ ਚੋਣ
ਅਨਮੋਲ ਗਗਨ ਮਾਨ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਸੀਟ ਤੋਂ ਪਹਿਲੀ ਵਾਰ ਜਿੱਤ ਹਾਸਲ ਕੀਤੀ ਸੀ। ਜਿੱਤ ਤੋਂ ਬਾਅਦ ਉਹ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਬਣੀਆਂ ਸਨ ਅਤੇ ਉਨ੍ਹਾਂ ਨੂੰ ਸੈਰ-ਸਪਾਟਾ, ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਲੇਬਰ ਅਤੇ ਹੋਸਪਿਟੈਲਿਟੀ ਵਰਗੇ ਅਹਿਮ ਵਿਭਾਗ ਸੌਂਪੇ ਗਏ ਸਨ। ਹਾਲਾਂਕਿ, ਪਿਛਲੇ ਸਾਲ ਕੈਬਨਿਟ ਫੇਰਬਦਲ ਵਿੱਚ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਗਿਆ ਸੀ। ਅਨਮੋਲ ਦਾ ਪਰਿਵਾਰ ਮੂਲ ਰੂਪ ਵਿੱਚ ਮਾਨਸਾ ਜ਼ਿਲ੍ਹੇ ਦਾ ਵਸਨੀਕ ਹੈ, ਪਰ ਉਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਬਿਤਾਇਆ। ਉਨ੍ਹਾਂ ਨੇ ਚੰਡੀਗੜ੍ਹ ਦੇ MCM DAV ਕਾਲਜ ਤੋਂ ਸੰਗੀਤ ਅਤੇ ਮਨੋਵਿਗਿਆਨ ਵਿੱਚ ਪੜ੍ਹਾਈ ਕੀਤੀ। ਸਿਆਸਤ ਵਿੱਚ ਆਉਣ ਤੋਂ ਪਹਿਲਾਂ ਅਨਮੋਲ ਗਗਨ ਮਾਨ ਇੱਕ ਮਸ਼ਹੂਰ ਪੰਜਾਬੀ ਗਾਇਕਾ ਸਨ ਅਤੇ ‘ਸੂਟ’, ‘ਘੈਂਟ ਪਰਪਜ਼’, ‘ਸ਼ੇਰਨੀ’ ਵਰਗੇ ਗੀਤਾਂ ਨਾਲ ਪ੍ਰਸਿੱਧੀ ਹਾਸਲ ਕੀਤੀ।