ਇਸਲਾਮਾਬਾਦ: ਪਾਕਿਸਤਾਨ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਐਤਵਾਰ ਨੂੰ ਹੋਏ ਇਸ ਬੱਸ ਹਾਦਸੇ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਬੱਸ ਇਸਲਾਮਾਬਾਦ ਤੋਂ ਲਾਹੌਰ ਜਾ ਰਹੀ ਸੀ। ਪੰਜਾਬ ਸੂਬੇ ਦੇ ਚਕਵਾਲ ਜ਼ਿਲ੍ਹੇ ਦੇ ਬਾਲਕਾਸਰ ਨੇੜੇ ਬੱਸ ਖੱਡ ਵਿੱਚ ਡਿੱਗ ਗਈ। ਗੱਡੀ ਵਿੱਚ 40 ਤੋਂ ਵੱਧ ਯਾਤਰੀ ਸਵਾਰ ਸਨ।
ਚੱਕਵਾਲ ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਦੇ ਅਨੁਸਾਰ, ਬੱਸ ਦਾ ਇੱਕ ਟਾਇਰ ਫਟਣ ਤੋਂ ਬਾਅਦ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਗੱਡੀ ਪਲਟ ਗਈ ਅਤੇ ਖੱਡ ਵਿੱਚ ਡਿੱਗ ਗਈ। ਚੱਕਵਾਲ ਜ਼ਿਲ੍ਹਾ ਸਿਹਤ ਅਥਾਰਟੀ (ਡੀਐਚਏ) ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸਈਦ ਅਖਤਰ ਨੇ ਇੱਕ ਬਿਆਨ ਵਿੱਚ ਕਿਹਾ, “ਹਾਦਸੇ ਵਿੱਚ ਨੌਂ ਲੋਕਾਂ ਦੀ ਮੌਤ ਅਤੇ 30 ਹੋਰ ਜ਼ਖਮੀ ਹੋ ਗਏ।” ਅੱਠ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕਾਂ ਵਿੱਚ ਬੱਸ ਡਰਾਈਵਰ ਵੀ ਸ਼ਾਮਿਲ ਹੈ। ਜ਼ਖਮੀਆਂ ਨੂੰ ਚੱਕਵਾਲ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।