ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਨਾਲ ਜੁੜੀ ਵੱਡੀ ਸਮੱਸਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਦੇਸ਼ ਦੀ ਸਭ ਤੋਂ ਉੱਚ ਅਦਾਲਤ ਨੇ ਹੁਕਮ ਜਾਰੀ ਕੀਤਾ ਹੈ ਕਿ ਸਾਰੇ ਆਵਾਰਾ ਕੁੱਤਿਆਂ ਨੂੰ ਫੜ ਕੇ ਅਗਲੇ 8 ਹਫ਼ਤਿਆਂ ਵਿੱਚ ‘ਕੁੱਤਾ ਆਸਰਾ ਘਰਾਂ’ ਵਿੱਚ ਭੇਜ ਦਿੱਤਾ ਜਾਵੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਕੁੱਤਿਆਂ ਨੂੰ ਵਾਪਸ ਛੱਡਿਆ ਨਹੀਂ ਜਾਵੇਗਾ।
ਰਾਸ਼ਟਰੀ ਰਾਜਧਾਨੀ ਵਿੱਚ ਕੁੱਤਿਆਂ ਵੱਲੋਂ ਕੱਟਣ ਦੀਆਂ ਵਧਦੀਆਂ ਘਟਨਾਵਾਂ ਨੂੰ ਖੁਦ ਨੋਟਿਸ ਲੈਂਦੇ ਹੋਏ, ਸੁਪਰੀਮ ਕੋਰਟ ਨੇ ਦਿੱਲੀ ਸਰਕਾਰ, ਐਮਸੀਡੀ ਅਤੇ ਐਨਡੀਐਮਸੀ ਨੂੰ ਕੁੱਤਿਆਂ ਲਈ ਵਿਸ਼ੇਸ਼ ਆਸਰਾ ਸਥਾਨ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਜੇਬੀ ਪਾਰਦੀਵਾਲਾ ਅਤੇ ਆਰ ਮਹਾਦੇਵਨ ਵਾਲੇ ਬੈਂਚ ਨੇ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚਿਆਂ ਨੂੰ ਕਿਸੇ ਵੀ ਹਾਲਤ ਵਿੱਚ ਆਵਾਰਾ ਕੁੱਤਿਆਂ ਦਾ ਨਿਸ਼ਾਨਾ ਨਹੀਂ ਬਣਨਾ ਚਾਹੀਦਾ। ਅਦਾਲਤ ਨੇ ਸਥਿਤੀ ਨੂੰ ਬਹੁਤ ਗੰਭੀਰ ਮੰਨਦੇ ਹੋਏ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਇਹ ਵੀ ਹੁਕਮ ਜਾਰੀ ਕੀਤਾ ਹੈ ਕਿ ਆਸਰਾ ਘਰਾਂ ਵਿੱਚ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਪੂਰਾ ਸਟਾਫ ਅਤੇ ਸਹੂਲਤਾਂ ਮੌਜੂਦ ਹੋਣੀਆਂ ਚਾਹੀਦੀਆਂ ਹਨ।
ਹਾਲ ਹੀ ਵਿੱਚ ਦਿੱਲੀ ਦੇ ਰੋਹਿਣੀ ਨੇੜੇ ਪੂਥ ਕਲਾਂ ਵਿੱਚ ਇੱਕ ਆਵਾਰਾ ਕੁੱਤੇ ਵੱਲੋਂ ਕੱਟੇ ਜਾਣ ਤੋਂ ਬਾਅਦ ਰੇਬੀਜ਼ ਨਾਲ 6 ਸਾਲ ਦੀ ਬੱਚੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਨੂੰ ਖੁਦ ਨੋਟਿਸ ਲਿਆ। ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਅਦਾਲਤ ਨੇ ਇਸ ਨੂੰ ‘ਬਹੁਤ ਪਰੇਸ਼ਾਨਕੁਨ ਅਤੇ ਚਿੰਤਾਜਨਕ’ ਕਰਾਰ ਦਿੱਤਾ।
ਅਦਾਲਤ ਨੇ ਕਿਹਾ ਕਿ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹਰ ਰੋਜ਼ ਸੈਂਕੜੇ ਕੁੱਤਿਆਂ ਦੇ ਕੱਟਣ ਦੇ ਕੇਸ ਰਿਪੋਰਟ ਹੋ ਰਹੇ ਹਨ, ਜਿਨ੍ਹਾਂ ਨਾਲ ਰੇਬੀਜ਼ ਵਰਗੀ ਬੀਮਾਰੀ ਫੈਲ ਰਹੀ ਹੈ। ਆਮ ਤੌਰ ‘ਤੇ ਬੱਚੇ ਅਤੇ ਬਜ਼ੁਰਗ ਇਸ ਦੇ ਸ਼ਿਕਾਰ ਬਣ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।