ਚੰਡੀਗੜ੍ਹ: ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਕਸਬਾ ਲੌਂਗੋਵਾਲ ਵਿਖੇ ਅੱਜ 2.64 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।
ਵੱਖ ਵੱਖ ਸਮਾਗਮਾਂ ਉਤੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ 1.50 ਕਰੋੜ ਰੁਪਏ ਦੀ ਲਾਗਤ ਨਾਲ ਗਿਆਨੀ ਗਿਆਨ ਸਿੰਘ ਆਧੁਨਿਕ ਲਾਇਬ੍ਰੇਰੀ, 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਮੁਹੱਲਾ ਕਲੀਨਿਕ ਅਤੇ 89 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਟੋਭੇ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ। ਉਹਨਾਂ ਕਿਹਾ ਕਿ ਹੁਣ ਤੱਕ ਇਕੱਲੇ ਨਗਰ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜੋ ਕਿ ਪੂਰੇ ਪੰਜਾਬ ਵਿੱਚ ਰਿਕਾਰਡ ਹਨ।