ਚੰਡੀਗੜ੍ਹ: ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।
ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੋਧੀਆਂ ਦਰਾਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਖੇਤੀਬਾੜੀ ਸਪਲਾਈ ਲੜੀ ਵਿੱਚ ਸ਼ਾਮਲ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਗੀਆਂ।
ਇਸ ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਆਪਕ ਚਰਚਾ ਵੀ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬੜੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਖਾਲੀ ਪਲਾਟਾਂ ਦੀ ਈ-ਨਿਲਾਮੀ ਰਾਹੀਂ ਨਿਲਾਮੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੰਡੀਆਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਾਰਿਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਉਣੀ ਖਰੀਦ ਸੀਜ਼ਨ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।