ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 47 ਦਿਨਾਂ ਲਈ ਨਾਭਾ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਬੈਰਕ ਬਦਲਣ ਦੀ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਅਦਾਲਤ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਸੁਣਵਾਈ 28 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮਜੀਠੀਆ ਨੇ ਆਪਣੀ ਬੈਰਕ ਨੂੰ ਔਰੇਂਜ ਕੈਟਾਗਰੀ ਵਿੱਚ ਬਦਲਣ ਲਈ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਏਡੀਜੀਪੀ ਜੇਲ੍ਹ ਨੇ ਵੀ ਅਦਾਲਤ ਦੇ ਹੁਕਮਾਂ ‘ਤੇ ਸੀਲਬੰਦ ਲਿਫਾਫੇ ਵਿੱਚ ਰਿਪੋਰਟ ਪੇਸ਼ ਕੀਤੀ ਸੀ। ਹਾਲਾਂਕਿ, ਕੁਝ ਕਾਰਨਾਂ ਕਰਕੇ ਅੱਜ ਸੁਣਵਾਈ ਨਹੀਂ ਹੋ ਸਕੀ ਹੈ। ਦੱਸ ਦੇਈਏ ਕਿ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਹਾਲ ਹੀ ਵਿੱਚ ਅਦਾਲਤ ਨੇ ਰੱਦ ਕਰ ਦਿੱਤਾ ਹੈ।
ਵਿਜੀਲੈਂਸ ਅਧਿਕਾਰੀਆਂ ਨੇ 25 ਜੂਨ ਨੂੰ ਸਵੇਰੇ ਬਿਕਰਮ ਮਜੀਠੀਆ ਦੇ ਘਰ ਛਾਪਾ ਮਾਰਿਆ ਸੀ। 30 ਵਿਜੀਲੈਂਸ ਅਧਿਕਾਰੀ ਮਜੀਠੀਆ ਦੇ ਘਰ ਛਾਪਾ ਮਾਰਨ ਆਏ ਸਨ। ਇਸ ਦੌਰਾਨ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਵੀ ਵਿਜੀਲੈਂਸ ਅਧਿਕਾਰੀਆਂ ‘ਤੇ ਧੱਕਾ ਕਰਨ ਦਾ ਦੋਸ਼ ਲਗਾਇਆ ਸੀ। ਮਜੀਠੀਆ ਨੂੰ ਦੁਪਹਿਰ 12:15 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।