ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਾਰਡ ਨੰਬਰ-4 ਨੇੜ੍ਹੇ ਮੰਗਲਵਾਰ ਨੂੰ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਇੱਕ ਕੁੱਤਾ ਨਵਜੰਮੇ ਬੱਚੇ ਦੀ ਮ੍ਰਿਤਕ ਦੇਹ ਦਾ ਸਿਰ ਮੂੰਹ ਵਿੱਚ ਲੈ ਕੇ ਘੁੰਮਦਾ ਨਜ਼ਰ ਆਇਆ। ਇਸ ਘਟਨਾ ਨੇ ਹਸਪਤਾਲ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਖਬਰ ਮਿਲਦਿਆਂ ਹੀ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ।
ਪਟਿਆਲਾ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਖੁਲਾਸਾ ਕੀਤਾ ਕਿ ਨਵਜੰਮਿਆ ਬੱਚਾ ਜਨਮ ਤੋਂ ਪਹਿਲਾਂ ਹੀ ਮ੍ਰਿਤਕ ਸੀ। ਹਸਪਤਾਲ ਨੇ ਬੱਚੇ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਸੀ, ਪਰ ਪਰਿਵਾਰ ਨੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕਰਨ ਦੀ ਬਜਾਏ ਬੱਚੇ ਦੀ ਲਾਸ਼ ਨੂੰ ਕੂੜੇ ਦੇ ਢੇਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਬੱਚੇ ਦੇ ਪਿਤਾ, ਗਿਰਦਾਰੀ ਲਾਲ, ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਸਪਤਾਲ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਹਰ ਪੱਖ ਤੋਂ ਜਾਂਚ ਦੇ ਹੁਕਮ ਦਿੱਤੇ। ਮ੍ਰਿਤਕ ਬੱਚੇ ਦੇ ਸਿਰ ਨੂੰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪਿਆ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।
ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ, ਡਾ. ਵਿਸ਼ਾਲ ਚੋਪੜਾ, ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਹਸਪਤਾਲ ਵਿੱਚ ਹਾਲ ਹੀ ਵਿੱਚ ਜਨਮੇ ਸਾਰੇ ਬੱਚੇ ਵਾਰਡਾਂ ਵਿੱਚ ਮੌਜੂਦ ਹਨ, ਅਤੇ ਕੋਈ ਵੀ ਨਵਜੰਮਿਆ ਬੱਚਾ ਲਾਪਤਾ ਨਹੀਂ ਹੈ। ਹਸਪਤਾਲ ਵਿੱਚ ਹਾਲ ਹੀ ਵਿੱਚ ਤਿੰਨ ਬੱਚਿਆਂ ਦੀ ਮੌਤ ਹੋਈ ਸੀ, ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੂਰੀ ਦਸਤਾਵੇਜ਼ੀ ਜਾਂਚ ਅਤੇ ਰਿਕਾਰਡ ਮੁਕੰਮਲ ਕਰਨ ਤੋਂ ਬਾਅਦ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।