1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ।

Share This Article
Leave a Comment