ਹੜ੍ਹਾਂ ਦੇ ਮੁੱਦੇ ‘ਤੇ ਸਿਆਸੀ ਵਿਵਾਦ: ਸ਼ਿਵਰਾਜ ਚੌਹਾਨ ਦੇ ਬਿਆਨ ਦਾ ਪੰਜਾਬ ਦੇ ਮੰਤਰੀਆਂ ਨੇ ਦਿੱਤਾ ਸਖਤ ਜਵਾਬ

Global Team
3 Min Read

ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ 5 ਸਤੰਬਰ 2025 ਨੂੰ ਕੀਤੇ ਟਵੀਟ ਦਾ ਜਵਾਬ ਅੱਜ ਪੰਜਾਬ ਦੇ ਮੰਤਰੀਆਂ ਵੱਲੋਂ ਦਿੱਤਾ ਗਿਆ ਹੈ। ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਦੂਜੇ ਪਾਸੇ ਸਿਆਸੀ ਵਾਰ-ਵਿਵਾਦ ਵੀ ਨਾਲ ਝੱਲ ਰਿਹਾ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਮਾਇਨਿੰਗ ਦਾ ਇਲਜ਼ਾਮ ਲਾਇਆ ਸੀ ਅਤੇ ਹੜ੍ਹ ਆਉਣ ਦਾ ਕਾਰਨ ਵੀ ਗੈਰ-ਕਾਨੂੰਨੀ ਖਨਨ ਨੂੰ ਦੱਸਿਆ ਸੀ। ਇਸ ‘ਤੇ ਅੱਜ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਬਿਆਨ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਫਾਈਨਾਂਸ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਝੂਠੇ ਇਲਜ਼ਾਮ ਲਗਾਉਣ ਅਤੇ ਸਿਆਸਤ ਚਮਕਾਉਣ ਦਾ ਦੋਸ਼ ਲਗਾਇਆ ਹੈ। ਖਾਸ ਤੌਰ ‘ਤੇ ਪੰਜਾਬ ਵਿੱਚ ਹੜ੍ਹਾਂ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ‘ਤੇ ਭਾਜਪਾ ਦੇ ਬਿਆਨਾਂ ਨੂੰ ਲੈ ਕੇ ਦੋਵਾਂ ਮੰਤਰੀਆਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।

ਹਰਪਾਲ ਸਿੰਘ ਚੀਮਾ ਦਾ ਬਿਆਨ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਸਰਕਾਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਗਾਉਣਾ “ਝੂਠ ਬੋਲਣ ਦਾ ਕੰਮ” ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਹੜ੍ਹਾਂ ਦਾ ਪਾਣੀ ਪਹਾੜੀ ਖੇਤਰਾਂ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਨਦੀਆਂ ਦੇ ਵਧੇ ਹੋਏ ਜਲ ਪ੍ਰਵਾਹ ਕਾਰਨ ਆਇਆ ਹੈ। ਚੀਮਾ ਨੇ ਕਿਹਾ, “ਕੁਦਰਤ ਦੀ ਮਾਰ ਅੱਗੇ ਕੋਈ ਵੀ ਸਰਕਾਰ ਪੂਰੀ ਤਰ੍ਹਾਂ ਨਹੀਂ ਟਿਕ ਸਕਦੀ, ਪਰ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹਨ।” ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਵਿਸ਼ੇਸ਼ ਕਦਮ ਚੁੱਕੇ ਹਨ।

ਅਮਨ ਅਰੋੜਾ ਦਾ ਬਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨਾਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਜਪਾ ਪੰਜਾਬ ‘ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, “ਪੰਜਾਬ ‘ਤੇ ਇਲਜ਼ਾਮ ਲਗਾਉਣਾ ਭਾਜਪਾ ਲਈ ਸ਼ਰਮਸਾਰੀ ਦੀ ਗੱਲ ਹੈ। ਕੇਂਦਰ ਸਰਕਾਰ ਨੇ ਪੰਜਾਬ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੋਈ ਖਾਸ ਸਹਾਇਤਾ ਨਹੀਂ ਦਿੱਤੀ।” ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਹੜ੍ਹਾਂ ਲਈ ਗੈਰ-ਕਾਨੂੰਨੀ ਮਾਈਨਿੰਗ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਕਿਹਾ ਸੀ ਕਿ ਨਦੀਆਂ ਦੇ ਕੰਢਿਆਂ ਦੀ ਕਮਜ਼ੋਰੀ ਕਾਰਨ ਪਾਣੀ ਪਿੰਡਾਂ ਵਿੱਚ ਦਾਖਲ ਹੋਇਆ। ਇਸ ਦੇ ਜਵਾਬ ਵਿੱਚ ਚੀਮਾ ਅਤੇ ਅਰੋੜਾ ਨੇ ਕਿਹਾ ਕਿ ਭਾਜਪਾ ਦੇ ਇਹ ਇਲਜ਼ਾਮ ਬੇਬੁਨਿਆਦ ਹਨ ਅਤੇ ਸੂਬੇ ਦੀਆਂ ਮੁਸ਼ਕਲਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ।

Share This Article
Leave a Comment