ਨਿਊਜ਼ ਡੈਸਕ: ਕੇਂਦਰੀ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕੀਤਾ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ। ਇਸ ਦੌਰਾਨ ਗੁਰਦਾਸਪੁਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ, ਜਿਸ ਨਾਲ ਕਰਤਾਰਪੁਰ ਕੋਰੀਡੋਰ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਦੀ ਸਥਾਪਨਾ ਕੇਂਦਰ ਸਰਕਾਰ ਨੇ ਕੀਤੀ ਸੀ, ਅਤੇ ਹੁਣ ਇਸ ਨੂੰ ਹੋਏ ਨੁਕਸਾਨ ਦੀ ਮੁਰੰਮਤ ਦੀ ਜ਼ਿੰਮੇਵਾਰੀ ਵੀ ਕੇਂਦਰ ਸਰਕਾਰ ਦੀ ਹੈ। ਕੇਂਦਰ ਸਰਕਾਰ ਇਸ ਨੁਕਸਾਨ ਨੂੰ ਜਲਦੀ ਠੀਕ ਕਰਵਾਏਗੀ।
ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਵੱਡੀ ਜਾਨੀ-ਮਾਲੀ ਹਾਨੀ ਹੋਈ ਹੈ, ਜਿਸ ਵਿੱਚ ਕਈ ਲੋਕਾਂ ਦੀਆਂ ਜਾਨਾਂ ਗਈਆਂ, ਜਾਨਵਰ ਰੁੜ ਗਏ, ਅਤੇ ਅਨੇਕਾਂ ਲੋਕਾਂ ਦੇ ਘਰ ਤਬਾਹ ਹੋ ਗਏ। ਇਹ ਸਥਿਤੀ ਅਤਿ ਚਿੰਤਾਜਨਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਪੀੜਤ ਲੋਕਾਂ ਨਾਲ ਪੂਰੀ ਹਮਦਰਦੀ ਅਤੇ ਸਹਿਯੋਗ ਨਾਲ ਖੜ੍ਹੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ, ਜੋ ਇੱਕ ਵੱਡੀ ਸਹਾਇਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਹਿਲਾਂ ਹੀ 12 ਹਜਾਰ ਕਰੋੜ ਰੁਪਏ ਦਾ ਫੰਡ ਮੌਜੂਦ ਸੀ, ਪਰ ਉਹਨਾਂ ਨੇ ਇਸ ਨੂੰ ਖਰਚ ਨਹੀਂ ਕੀਤਾ। ਇਸ ਕਾਰਨ ਅੱਜ ਸੂਬੇ ਨੂੰ ਇਸ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਠੀਕਰਾ ਹੁਣ ਕੇਂਦਰ ਸਰਕਾਰ ‘ਤੇ ਭੰਨਣਾ ਚਾਹੁੰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।