ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੁੰਦਾ ਹੈ, ਤਾਂ ਪਹਿਲਗਾਮ ਅਤੇ ਪੁਲਵਾਮਾ ਦੀਆਂ ਘਟਨਾਵਾਂ ਨੂੰ ਭੁੱਲ ਜਾਂਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ‘ਤੇ ਕੇਂਦਰ ਸਰਕਾਰ ਅਤੇ ਬੀਸੀਸੀਆਈ ‘ਤੇ ਸਵਾਲ ਚੁੱਕੇ ਹਨ।
ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਸ਼ੁਭਮ ਦਿਵੇਦੀ ਦੀ ਪਤਨੀ ਐਸ਼ਨਿਆ ਦਿਵੇਦੀ ਨੇ ਇਸ ਮੈਚ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ, “ਕੀ ਬੀਸੀਸੀਆਈ ਨੂੰ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਮਾਰੇ ਗਏ 26 ਲੋਕਾਂ ਦੇ ਪਰਿਵਾਰਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ?” ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਇਹ ਮੈਚ ਨਾ ਦੇਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੀਦਾ।
‘ਹੁਣ ਇਹ ਭੁੱਲੇ ਪਹਿਲਗਾਮ ਅਤੇ ਪੁਲਵਾਮਾ’: CM ਮਾਨ
CM ਮਾਨ ਦਾ ਕੇਂਦਰ ਸਰਕਾਰ ‘ਤੇ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੈਚ ਨੂੰ ਲੈ ਕੇ ਕੇਂਦਰ ਸਰਕਾਰ ਦੀ ਦੋਹਰੀ ਨੀਤੀ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ, “ਦਿਲਜੀਤ ਦੋਸਾਂਝ ਦੀ ਫਿਲਮ, ਜੋ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਸੀ, ਨੂੰ ਉਸ ਸਮੇਂ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਸੀ ਅਤੇ ਉਸ ਨੂੰ ਗੱਦਾਰ ਕਿਹਾ ਗਿਆ ਸੀ। ਪਰ ਹੁਣ ਜਦੋਂ ਪਾਕਿਸਤਾਨ ਨਾਲ ਕ੍ਰਿਕਟ ਮੈਚ ਹੋ ਰਿਹਾ ਹੈ, ਤਾਂ ਇਸ ਨੂੰ ਨਹੀਂ ਰੋਕਿਆ ਜਾ ਰਿਹਾ, ਕਿਉਂਕਿ ਇਸ ਵਿੱਚ ‘ਵੱਡੇ ਸਾਹਿਬ ਦਾ ਪੁੱਤਰ’ ਸ਼ਾਮਲ ਹੈ।” ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਗਾਮ ਅਤੇ ਪੁਲਵਾਮਾ ਨੂੰ ਭੁੱਲ ਗਈ ਹੈ ਅਤੇ ਭਾਰਤ ਨਾਲ ਮਜ਼ਾਕ ਕਰ ਰਹੀ ਹੈ।
ਸੁਪਰੀਮ ਕੋਰਟ ਵੀ ਪਹੁੰਚਿਆ ਸੀ ਮਾਮਲਾ
ਦੱਸ ਦਈਏ ਕਿ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦਾ ਸੁਪਰੀਮ ਕੋਰਟ ਵੀ ਪਹੁੰਚਿਆ ਸੀ। ਸੁਪਰੀਮ ਕੋਰਟ ਨੇ ਏਸ਼ੀਆ ਕੱਪ 2025 ਵਿੱਚ 14 ਸਤੰਬਰ ਨੂੰ ਹੋਣ ਵਾਲੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ‘ਇਹ ਇੱਕ ਮੈਚ ਹੈ, ਇਸਨੂੰ ਹੋਣ ਦਿਓ, ਮੈਚ ਇਸ ਐਤਵਾਰ ਨੂੰ ਹੈ ਹੁਣ ਕੀ ਕੀਤਾ ਜਾ ਸਕਦਾ ਹੈ?”। ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ਨੁੰ ਟਾਲ ਦਿੱਤਾ ਹੈ।