ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”
ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ (36) ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਾਰ ਸਵਾਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਇਹ ਹਾਦਸਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਵਾਪਰਿਆ। ਘਟਨਾ ਸਮੇਂ ਮਹਿੰਦਰ ਸਿੰਘ ਕੇਪੀ ਆਪਣੇ ਘਰ ਵਿੱਚ ਮੌਜੂਦ ਸੀ।