ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

Global Team
2 Min Read

ਚੰਡੀਗੜ੍ਹ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱਤਾ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ ਹੈ। ਇਸ ਪਹਿਲਕਦਮੀ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਖੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ 50 ਲੱਖ ਰੁਪਏ ਦਿੱਤੇ ਹਨ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਨੇ ਉਦਯੋਗਪਤੀਆਂ ਵੱਲੋਂ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਬਾਕੀ ਉੱਦਮੀਆਂ ਨੂੰ ਵੀ ਇਸ ਨੇਕ ਕਾਰਜ ਦੇ ਸਮਰਥਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

Share This Article
Leave a Comment