ਬਿਲਾਸਪੁਰ: ਛੱਤੀਸਗੜ੍ਹ ਦੇ ਬਿਲਾਸਪੁਰ ਰੇਲਵੇ ਸਟੇਸ਼ਨ ਨੇੜ੍ਹੇ ਮੰਗਲਵਾਰ (4 ਨਵੰਬਰ) ਨੂੰ ਇੱਕ ਲੋਕਲ ਯਾਤਰੀ ਰੇਲਗੱਡੀ ਅਤੇ ਮਾਲ ਗੱਡੀ ‘ਚ ਹੋਈ ਭਿਆਨਕ ਟੱਕਰ ਵਿੱਚ 11 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇੱਕ ਯਾਤਰੀ ਦੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ।
ਇਸ ਹਾਦਸੇ ਕਾਰਨ ਦੋਵਾਂ ਰੇਲਗੱਡੀਆਂ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ, ਜਿਸ ਨਾਲ ਘਟਨਾ ਵਾਲੀ ਥਾਂ ‘ਤੇ ਭਾਰੀ ਅਫਰਾ-ਤਫਰੀ ਮੱਚ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਤੋਂ ਤੁਰੰਤ ਬਾਅਦ ਯਾਤਰੀਆਂ ਵਿੱਚ ਡਰ ਅਤੇ ਘਬਰਾਹਟ ਫੈਲ ਗਈ।
ਤੇਜ਼ ਰਫ਼ਤਾਰ ਨਾਲ ਆ ਰਹੀ ਯਾਤਰੀ ਰੇਲਗੱਡੀ ਨੂੰ ਵੇਖ ਕੇ ਮਾਲ ਗੱਡੀ ਦੇ ਗਾਰਡ ਨੇ ਆਪਣੇ ਡੱਬੇ ਤੋਂ ਛਾਲ ਮਾਰ ਕੇ ਜਾਨ ਬਚਾਈ, ਜਿਸ ਵਿੱਚ ਉਸ ਨੂੰ ਹਲਕੀਆਂ ਸੱਟਾਂ ਲੱਗੀਆਂ। ਰੇਲਵੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 5 ਲੱਖ ਰੁਪਏ ਅਤੇ ਮਾਮੂਲੀ ਸੱਟਾਂ ਵਾਲਿਆਂ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਹਾਦਸੇ ਤੋਂ ਬਾਅਦ ਦੱਖਣ ਪੂਰਬੀ ਮੱਧ ਰੇਲਵੇ ਨੇ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੇ ਜ਼ਖਮੀਆਂ ਨੂੰ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੇਲਵੇ ਟੀਮਾਂ ਰਾਹਤ ਕਾਰਜਾਂ ਵਿੱਚ ਪੂਰੀ ਤਰ੍ਹਾਂ ਜੁਟੀਆਂ ਹੋਈਆਂ ਹਨ। ਇੱਕ ਜ਼ਖਮੀ ਮਹਿਲਾ ਯਾਤਰੀ ਨੇ ਵੇਰਵਾ ਦਿੱਤਾ ਕਿ ਰੇਲਗੱਡੀ ਤੇਜ਼ ਗਤੀ ਨਾਲ ਚੱਲ ਰਹੀ ਸੀ ਜਦੋਂ ਅਚਾਨਕ ਮਾਲ ਗੱਡੀ ਨਾਲ ਟਕਰਾ ਗਈ।
ਕੁਝ ਸਥਾਨਕ ਵਾਸੀਆਂ ਨੇ ਕਿਹਾ ਕਿ ਟੱਕਰ ਦੀ ਭਿਆਨਕ ਆਵਾਜ਼ ਸੁਣ ਕੇ ਨੇੜਲੇ ਪਿੰਡਾਂ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਰੇਲਵੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਨਾਲ ਲਗਭਗ 12 ਰੇਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

